ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਟਾਂਡਾ ਦੇ ਪਿੰਡ ਭੂਲਪੁਰ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਪ੍ਰਤੀ ਕੀਤਾ ਜਾਗਰੂਕ
– ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ’ਚ ਗਠਿਤ ਕੀਤੀਆਂ ਗਈਆਂ ਹਨ 32 ਟੀਮਾਂ
– ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ, ਵਿਕਲਪ ਤਰੀਕਿਆਂ ਦੀ ਵਰਤੋਂ ਕਰਨ
ਟਾਂਡਾ/ਹੁਸ਼ਿਆਰਪੁਰ, 2 ਨਵੰਬਰ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਜ ਬਲਾਕ ਟਾਂਡਾ ਦੇ ਪਿੰਡ ਭੂਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਰਾਲੀ ਸਾੜਨ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਉਠਾਏ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਕੁੱਲ 32 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਸ ਵਿਚ 10 ਟੀਮਾਂ ਸਿਰਫ਼ ਟਾਂਡਾ ਬਲਾਕ ਲਈ ਬਣਾਈਆਂ ਗਈਆਂ ਹਨ ਜੋ ਕਿ ਸੰਵੇਦਨਸ਼ੀਲ ਹਲਕਾ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾ ਫੀਲਡ ਵਿਚ ਜਾ ਕੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਕਿਸੇ ਵੀ ਖੇਤ ਵਿਚ ਪਰਾਲੀ ਨਾ ਜਲਾਈ ਜਾਵੇ। ਇਹ ਟੀਮਾਂ ਪਿੰਡ-ਪਿੰਡ ਜਾ ਕੇ ਪਰਾਲੀ ਪ੍ਰਬੰਧਨ ਦੇ ਲਾਭ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਪਿੰਡ ਵਿਚ ਪਰਾਲੀ ਨਾਲ ਬਣਾਏ ਜਾ ਰਹੇ ਬੇਲਜ਼ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਵਿਕਲਪਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਐਕਸ-ਸੀਟੂ ਅਤੇ ਇਨ-ਸੀਟੂ ਮੈਨੇਜਮੈਂਟ ਰਾਹੀਂ ਇਯ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਕਸਾਰ ਤਰੀਕਿਆਂ ਨਾਲ ਨਾ ਕੇਵਲ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਯਾਦ ਕਰਵਾਇਆ ਕਿ ਸੁਪਰੀਮ ਕੋਰਟ ਦੁਆਰਾ ਪਰਾਲੀ ਸਾੜਨ ’ਤੇ ਸਖਤ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਵਿਸ਼ੇਸ਼ ਮਸ਼ੀਨਰੀ ਦੀ ਜ਼ਰੂਰਤ ਹੁੰਦੀ ਹੈ ਤਾਂ ਇਹ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਸੁਰੱਖਿਅਤ ਢੰਗ ਨਾਲ ਪ੍ਰਬੰਧਨ ਕਰ ਸਕਣ।
ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਇਸ ਮੌਕੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੈਕਲਪਿਕ ਤਰੀਕਿਆਂ ਦੀ ਵਰਤੋਂ ਕਰਨ।
ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਵਿਚ ਸਹਿਯੋਗ ਕਰਨ। ਇਸ ਮੌਕੇ ਐਸ.ਡੀ.ਐਮ ਟਾਂਡਾ ਪੰਕਜ ਕੁਮਾਰ, ਮੁੱਖ ਖੇਤੀਬਾੜੀ ਅਫਸਰ ਦੀਪਇੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।