ਇਨ ਸੀਟੂ ਤਕਨੀਕ ਨਾਲ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਏਡੀਸੀ ਵੱਲੋਂ ਪਿੰਡਾਂ ਦਾ ਦੌਰਾ
– ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਖਾਦਾਂ ਦੀ ਵਰਤੋਂ ਘਟਾਉਣ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਇਸ਼ਾ ਸਿੰਗਲ
ਪਟਿਆਲਾ, 11 ਨਵੰਬਰ 2024 : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ ਲਈ ਉਤਸ਼ਾਹਤ ਕਰਨ ਦੇ ਮਕਸਦ ਨਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤੀ ਮਾਹਰਾਂ ਨਾਲ ਕਿਸਾਨਾਂ ਨਾਲ ਸਿੱਧਾ ਰਾਬਤਾ ਕਰ ਰਿਹਾ ਹੈ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਿੰਡ ਹਰਿਆਉ ਕਲਾ, ਹਰਿਆਉ ਖ਼ੁਰਦ, ਦੋਤਾਲ, ਸ਼ੁਤਰਾਣਾ, ਜੇਖਰ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।
ਇਸ ਮੌਕੇ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪਾਂ ਦੌਰਾਨ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਖਾਦਾਂ ਦੀ ਵਰਤੋਂ ਘਟਾਉਣ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ, ਉਥੇ ਹੀ ਵਾਤਾਵਰਣ ਪਲੀਤ ਹੋਣ ਤੋਂ ਬਚੇਗਾ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਨਵੀਂਆਂ ਤਕਨੀਕਾਂ ਨੂੰ ਅਪਣਾਇਆ ਜਾ ਰਿਹਾ ਹੈ ਜੋ ਕਿ ਸ਼ਲਾਘਾਯੋਗ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਅਤੇ ਧਰਤੀ ਮਾਂ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਬਗ਼ੈਰ ਕਣਕ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੇ ਵੱਡੀ ਮਸ਼ੀਨਰੀ ਕਿਸਾਨਾਂ ਨੂੰ ਸਬਸਿਡੀ ਉੱਤੇ ਦਿੱਤੀ ਹੈ ਜਿਸ ਦੀ ਵਰਤੋਂ ਕਰਕੇ ਇਹ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਵਿੰਦਰਪਾਲ ਸਿੰਘ ਚੱਠਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਾਹਰ ਵੀ ਕਿਸਾਨਾਂ ਲਈ ਹਰ ਤਰ੍ਹਾਂ ਦੀ ਸਲਾਹ ਅਤੇ ਮਦਦ ਲਈ ਤਿਆਰ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਾਡੇ ਬਲਾਕ ਪੱਧਰ ਉੱਤੇ ਬੈਠੇ ਅਧਿਕਾਰੀ ਜਾਂ ਜ਼ਿਲ੍ਹਾ ਪੱਧਰ ਉੱਤੇ ਸਾਡੇ ਨਾਲ ਰਾਬਤਾ ਕਰਕੇ ਸਹਾਇਤਾ ਲੈ ਸਕਦਾ ਹੈ।