ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਪੰਜਾਬ ਨੂੰ ਦੇਸ਼ ਭਰ ‘ਚੋਂ ਨਸ਼ਿਆਂ ਦੇ ਮਾਮਲੇ ਵਿੱਚ ਦੂਸਰੇ ਨੰਬਰ ਤੇ ਘੋਸ਼ਿਤ ਕਰਨਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ
– ਰਿਪੋਰਟ ਵਿੱਚ 14 ਤੋਂ 17 ਸਾਲ ਦੇ ਬੱਚਿਆਂ ਨੂੰ ਨਸ਼ਿਆਂ ਵਿੱਚ ਗ੍ਰਸਤ ਹੋਣ ਦੇ ਕੀਤੇ ਗਏ ਖੁਲਾਸੇ
ਪਟਿਆਲਾ, 30 ਨਵੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਦੀ ਐਂਟੀ ਨਾਰਕੋਟਿਕ ਏਜੰਸੀ ਵਲੋਂ ਦੇਸ਼ ਭਰ ਵਿੱਚੋਂ ਨਸ਼ਿਆਂ ਦੇ ਖੇਤਰ ਵਿੱਚ ਪੰਜਾਬ ਨੂੰ ਦੂਸਰੇ ਨੰਬਰ ਤੇ ਘੋਸ਼ਿਤ ਕੀਤੇ ਜਾਣ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਪੰਜਾਬ ਵਿੱਚ 14 ਸਾਲ ਤੋਂ ਲੈ ਕੇ 17 ਸਾਲ ਤੱਕ ਦੇ ਅੱਧੇ ਤੋਂ ਵੱਧ ਬੱਚੇ ਨਸ਼ਿਆਂ ਦੇ ਸ਼ਿਕਾਰ ਹੋਣ ਦੇ ਖੁਲਾਸੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਸ ਏਜੰਸੀ ਵੱਲੋਂ ਕੀਤੇ ਗਏ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਨੌਜਵਾਨੀ ਦਾ ਖਾਣ ਹੋ ਰਿਹਾ ਹੈ ਤੇ ਸਰਕਾਰਾਂ ਵੱਲੋਂ ਨਸਿਆਂ ਨੂੰ ਖਤਮ ਕੀਤੇ ਜਾਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਜਰੂਰ ਕੀਤੇ ਜਾ ਰਹੇ ਹਨ ਪ੍ਰੰਤੂ ਇਸ ਏਜੰਸੀ ਵੱਲੋਂ ਪੇਸ਼ ਕੀਤੀ ਗਈ ਤਾਜ਼ਾ ਰਿਪੋਰਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੱਡੇ ਸਵਾਲ ਚਿੰਨ ਪੈਦਾ ਕਰਕੇ ਰੱਖ ਦਿੱਤੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਨਤਕ ਕੀਤੀ ਗਈ ਇਹ ਸਰਕਾਰੀ ਰਿਪੋਰਟ ਬਹੁਤ ਹੀ ਚਿੰਤਾਜਨਕ ਹੈ ਅਤੇ ਸਰਕਾਰਾਂ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਨਸ਼ਾ ਛੱਤੀਸਗੜ੍ਹ ਰਾਜ ਵਿੱਚ ਦਰਜ਼ ਕੀਤਾ ਜਾ ਰਿਹਾ ਹੈ ਤੇ ਪੰਜਾਬ ਨੂੰ ਦੂਸਰੇ ਨੰਬਰ ਤੇ ਦਰਸਾਇਆ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਮਿਹਨਤੀ ਸਿਰੜੀ ਨੌਜਵਾਨੀ ਨੂੰ ਨਸ਼ਿਆਂ ਦੇ ਸ਼ਿਕਾਰ ਦਰਸਾਕੇ ਪੰਜਾਬ ਨੂੰ ਸ਼ਰਮਸ਼ਾਰ ਹੋਣ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਹੀ ਰਲ ਕੇ ਆਪਣੀ ਜਿੰਮੇਵਾਰੀ ਸਮਝਦਿਆਂ ਹੋਇਆਂ ਪੰਜਾਬ ਦੇ ਹਿੱਤਾਂ, ਪੰਜਾਬ ਦੇ ਮਾਣ ਸਨਮਾਨ ਨੂੰ ਸਾਹਮਣੇ ਰੱਖ ਕੇ ਉਦਮ ਉਪਰਾਲਾ ਕਰਦੇ ਹੋਏ ਆਪੋ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਲਿਜਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।