ਬੱਲੂਆਣਾ ਹਲਕੇ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
ਫਾਜਿ਼ਲਕਾ, 27 ਅਸਗਤ 2021 : ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਅਬੋਹਰ ਵਿਖੇ ਹੋਏ ਇਕ ਸਮਾਗਮ ਦੌਰਾਨ ਬੱਲੂਆਣਾ ਹਲਕੇ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਹਲਕੇ ਦੇ ਵਿਧਾਇਕ ਸ੍ਰੀ ਨੱਥੂ ਰਾਮ, ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨੱਥੂ ਰਾਮ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੀਆਂ ਦੋ ਪ੍ਰਮੁੱਖ ਨਹਿਰਾਂ ਦੇ ਨਵੀਨੀਕਰਨ ਦਾ ਪ੍ਰੋਜ਼ੈਕਟ ਵੀ ਪ੍ਰਵਾਨ ਹੋ ਗਿਆ ਹੈ। ਇਸ ਨਾਲ ਇਲਾਕੇ ਦੀ ਨਹਿਰੀ ਪਾਣੀ ਦੀ ਜਰੂਰਤ ਪੂਰੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਹਲਕੇ ਦੇ ਪਿੰਡ ਸੁਖਚੈਨ ਵਿਚ ਨਵਾਂ ਸਰਕਾਰੀ ਕਾਲਜ ਵੀ ਪੰਜਾਬ ਸਰਕਾਰ ਨੇ ਸ਼ੁਰੂ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਕਾਲਜ ਵਿਚ ਦਾਖਲੇ ਵੀ ਸ਼ੁਰੂ ਹੋ ਗਏ ਹਨ ਅਤੇ ਜਦ ਤੱਕ ਨਵੀਂ ਇਮਾਰਤ ਦਾ ਨਿਰਮਾਣ ਹੋਵੇਗਾ ਇਹ ਕਾਲਜ ਖੁੱਬਣ ਵਿਖੇ ਚੱਲੇਗਾ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਭਗ ਹਰ ਪਿੰਡ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਵਿਧਾਇਕ ਖੇਡ ਕਿੱਟਾਂ ਦੀ ਵੰਡ ਲਈ ਮੁੱਖ ਮੰਤਰੀ ਪੰਜਾਬ ਤੋਂ ਵਿਸੇਸ਼ ਗ੍ਰਾਂਟ ਲੈ ਕੇ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਿਸੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਰੱਖਣ ਲਈ ਖੇਡਾਂ ਦਾ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਲਈ 84 ਖੇਡ ਕਿੱਟਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਜਿਸ ਵਿਚ ਕ੍ਰਿਕੇਟ, ਫੁੱਟਬਾਲ, ਵਾਲੀਬਾਲ ਖੇਡ ਦਾ ਪੂਰਾ ਸਮਾਨ ਹੈ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਖੇਡ ਮੈਦਾਨ ਦੇ ਨਿਰਮਾਣ ਲਈ ਪੰਚਾਇਤਾਂ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮਗਨਰੇਗਾ ਤਹਿਤ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਇਹ ਯੋਜਨਾ ਬਹੁਤ ਕਾਰਗਾਰ ਹੈ। ਉਨ੍ਹਾਂ ਨੇ ਪੰਚਾਇਤਾਂ ਨੂੰ ਇਸ ਸਕੀਮ ਅਧੀਨ ਜਿਆਦਾ ਤੋਂ ਜਿਆਦਾ ਕੰਮ ਕਰਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਡੀਡੀਪੀਓ ਸ੍ਰੀ ਜੀਐਸ ਵਿਰਕ, ਬੀਡੀਪੀਓ ਸ: ਨਿਰਮਲ ਸਿੰਘ, ਸ੍ਰੀ ਅਨਿਰੁੱਧ ਕੜਵਾਸਰਾ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜਰ ਸਨ।