ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਵਾਤਾਵਰਨ ਪਲਾਨ ‘ਤੇ ਕੀਤੀ ਚਰਚਾ
-ਜ਼ਿਲ੍ਹੇ ‘ਚ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
-ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਸਖ਼ਤ ਕਦਮ ਉਠਾਏ ਜਾਣ : ਡਾ. ਪ੍ਰੀਤੀ ਯਾਦਵ
ਪਟਿਆਲਾ, 3 ਜਨਵਰੀ 2025: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 27ਵੀਂ ਮੀਟਿੰਗ ‘ਚ ਜ਼ਿਲ੍ਹਾ ਵਾਤਾਵਰਨ ਪਲਾਨ ‘ਚ ਦਰਜ ਵੱਖ ਵੱਖ ਗਤੀਵਿਧੀਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਸਮੂਹ ਕਾਰਜਸਾਧਕ ਅਫ਼ਸਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਜ਼ਿਲ੍ਹੇ ‘ਚ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿੱਚ ਵਗਦੇ ਦਰਿਆਵਾਂ ਵਿੱਚ ਗੰਦਾ ਪਾਣੀ ਨਾ ਸੁੱਟਿਆਂ ਜਾਵੇ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ‘ਤੇ ਜ਼ਿਲ੍ਹੇ ਅੰਦਰ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਹਨ, ਸਬੰਧਤ ਵਿਭਾਗ ਨਿਰੰਤਰ ਤੌਰ ‘ਤੇ ਡੋਰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ ਦੀ ਚੈਕਿੰਗ ਕਰਨ ਅਤੇ ਚਾਈਨਾ ਡੋਰ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਗੰਦਗੀ ਵਾਲੇ ਸਥਾਨਾਂ ਦੀ ਸਫ਼ਾਈ, ਗਿੱਲੇ ਅਤੇ ਸੁੱਕੇ ਕੂੜੇ ਤੇ ਪਲਾਸਟਿਕ ਦਾ ਪ੍ਰਬੰਧਨ, ਗੰਦੇ ਪਾਣੀ ਨੂੰ ਸੋਧਣ, ਪਿੰਡਾਂ ਦੇ ਟੋਭੇ, ਸੀਵਰੇਜ ਦਾ ਗੰਦਾ ਪਾਣੀ ਸੋਧਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਲੋਕਾਂ ਨੂੰ ਕੂੜਾ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਂਲ ਲਈ ਜਾਗਰੂਕ ਕਰਨ, ਬਾਇਓ ਮੈਡੀਕਲ ਤੇ ਈ-ਵੇਸਟ ਪ੍ਰਬੰਧਨ, ਛੱਪੜਾਂ ਦੀ ਸਾਫ਼-ਸਫ਼ਾਈ ਅਤੇ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਅੰਦਰ ਲੱਗੇ ਐਸ.ਟੀ.ਪੀਜ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕੇ ਐਸ.ਟੀ.ਪੀਜ਼ ਸਹੀ ਅਤੇ ਪੂਰੀ ਸਮਰੱਥਾ ਨਾਲ ਕੰਮ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਹੈ, ਉਥੇ ਹੀ ਨਦੀਆਂ, ਨਾਲਿਆਂ ਤੇ ਦਰਿਆਵਾਂ ਦਾ ਪਾਣੀ ਵੀ ਪਲੀਤ ਹੋਣ ਤੋਂ ਰੋਕਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ ਪਲਾਨ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਮੂਹ ਈ.ਓਜ ਆਪਣੇ ਸ਼ਹਿਰਾਂ ਨੂੰ ਪਲਾਸਟਿਕ ਮੁਕਤ ਬਣਾਉਣ ਅਤੇ ਕੂੜਾ ਵੱਖੋ-ਵੱਖ ਕਰਨ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਜਾਰੀ ਐਕਸ਼ਨ ਪਲਾਨ ਅਨੁਸਾਰ ਧਰਤੀ ਹੇਠਲੇ ਪਾਣੀ, ਹਵਾ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਸਮੁਚੀ ਪ੍ਰਕ੍ਰਿਆ ਨੂੰ ਮਿਥੇ ਸਮੇਂ ਦੇ ਅੰਦਰ ਨੇਪਰੇ ਚੜਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਦਫ਼ਤਰਾਂ ਨੂੰ ਪਲਾਸਟਿਕ ਮੁਕਤ ਜੋਨ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਇੰਜ ਮੋਹਿਤ ਬਿਸ਼ਟ, ਸਹਾਇਕ ਵਾਤਾਵਰਨ ਇੰਜੀਨੀਅਰ ਧਰਮਵੀਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।