ਸਰਕਾਰ ਦੇ ਰੋਜ਼ਗਾਰ ਮੁਖੀ ਉਪਰਾਲਿਆਂ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ : ਨਰੇਸ਼ ਕੁਮਾਰ
– ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ
ਜਲੰਧਰ, 3 ਜਨਵਰੀ 2025: ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਰੂਡਸੈੱਟ ਸੰਸਥਾ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਲੀਡ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਐੱਸ.ਸੀ. ਕਾਰਪੋਰੇਸ਼ਨ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਆਜੀਵਿਕਾ ਮਿਸ਼ਨ, ਜ਼ਿਲ੍ਹਾ ਭਲਾਈ ਦਫ਼ਤਰ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿੱ.), ਪੰਜਾਬ ਹੁਨਰ ਵਿਕਾਸ ਮਿਸ਼ਨ, ਯੁਵਕ ਭਲਾਈ ਦਫ਼ਤਰ, ਨਹਿਰੂ ਯੁਵਾ ਕੇਂਦਰ ਆਦਿ ਵਿਭਾਗਾਂ ਤੋਂ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।
ਨਰੇਸ਼ ਕੁਮਾਰ ਨੇ ਮੀਟਿੰਗ ਦੌਰਾਨ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਵਿਭਾਗਾਂ ਤੋਂ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਤੇ ਟ੍ਰੇਨਿੰਗ ਕੋਰਸਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਤਾਂ ਜੋ ਯੋਗ ਨੌਜਵਾਨਾਂ ਨੂੰ ਇਨ੍ਹਾਂ ਯੋਜਨਾਵਾਂ ਤਹਿਤ ਦਿੱਤੇ ਜਾਣ ਵਾਲੇ ਸਬਸਿਡੀ ਆਧਾਰਿਤ ਕਰਜ਼ਿਆਂ ਤੋਂ ਇਲਾਵਾ ਸਿਖ਼ਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਰੋਜ਼ਗਾਰ-ਮੁਖੀ ਉਪਰਾਲਿਆਂ ਦਾ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਲਾਭ ਪ੍ਰਦਾਨ ਕਰਨ ਲਈ ਹੋਰ ਸਰਗਰਮੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਨੌਜਵਾਨ ਆਪਣੇ ਮਨਪਸੰਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮ-ਨਿਰਭਰ ਬਣ ਸਕਣ।