ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

0

– ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

– ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ- ਤਰੁਨਪ੍ਰੀਤ ਸਿੰਘ ਸੌਂਦ

ਖੰਨਾ, ਲੁਧਿਆਣਾ, 10 ਜਨਵਰੀ 2025: ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਜੇਕਰ ਦੇਸ਼ ਨੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਕਰਨੀ ਹੈ ਤਾਂ ਉਹ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਏ.ਐਸ.ਕਾਲਜ (ਲੜਕੀਆਂ), ਖੰਨਾ ਵਿਖੇ ਕਰਵਾਏ ਗਏ ‘ਧੀਆਂ ਦੀ ਲੋਹੜੀ’ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ ‘ਤੇ ਹੈ। ਗੁਰੂ ਸਾਹਿਬ ਨੇ ਵੀ ਆਖਿਆ ਹੈ, “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।” ਜਿਸ ਦੀ ਕੁੱਖ ਤੋਂ ਇਸ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ ਉਸ ਨੂੰ ਮੰਦਾ ਕਿਵੇਂ ਕਹਿ ਸਕਦੇ ਹਾਂ। ਅਸੀਂ ਦਿਲੋਂ ਚਾਹੁੰਦੇ ਹਾਂ ਕਿ ਧੀਆਂ ਨੂੰ ਹਰ ਖੇਤਰ ਵਿਚ ਅੱਗੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੇਤਰਾਂ ਵਿੱਚ ਧੀਆਂ ਅੱਜ ਮੁੰਡਿਆਂ ਤੋਂ ਅੱਗੇ ਲੰਘ ਚੁੱਕੀਆਂ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਤੇ ਤਸੱਲੀ ਪ੍ਰਗਟਾਈ ਕਿ ਮੌਜੂਦਾ ਸਮੇਂ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹਨ।

ਸੌਂਦ ਨੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਮਾਹੌਲ ਸਿਰਜੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਔਰਤਾਂ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ।

ਮੁੱਖ ਮਹਿਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ ਹੈ। ਇਸ ਮੌਕੇ ਗਾਇਕ ਮੀਤ ਕੌਰ ਅਤੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਧਰਮ ਪਤਨੀ ਕਮਲਜੀਤ ਕੌਰ ਅਤੇ ਬੇਟੀ ਜਸਕੀਰਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਪ੍ਰੋਗਰਾਮ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਜੁਆਇੰਟ ਡਾਇਰੈਕਟਰ ਦਮਪ੍ਰੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ ਖੰਨਾ ਮੈਡਮ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਵਿੰਦਰ ਸਿੰਘ ਢਿੱਲੋ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਦੀਪ ਕੌਰ, ਕਾਲਜ ਦੀ ਪ੍ਰਿੰਸੀਪਲ ਰਣਜੀਤ ਕੌਰ ਸਮੇਤ ਭਾਰੀ ਗਿਣਤੀ ‘ਚ ਲੜਕੀਆਂ ਹਾਜ਼ਰ ਸਨ।

About The Author

Leave a Reply

Your email address will not be published. Required fields are marked *