ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ’ਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਸੰਭਾਲੇ ਅਹੁਦੇ

ਜਲੰਧਰ, 12 ਜਨਵਰੀ 2025: ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਸਮੇਤ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਨਗਰ ਨਿਗਮ ਜਲੰਧਰ ਵਿਖੇ ਆਪਣੇ ਅਹੁਦੇ ਸੰਭਾਲ ਲਏ ਹਨ।
ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ, ਹਲਕਾ ਵਿਧਾਇਕ ਰਮਨ ਅਰੋੜਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਰਾਜਵੀਰ ਸਿੰਘ ਅਤੇ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ। ਕੈਬਨਿਟ ਮੰਤਰੀਆਂ ਨੇ ਵਿਨੀਤ ਧੀਰ ਨੂੰ ਮੂੰਹ ਮਿੱਠਾ ਕਰਵਾ ਕੇ ਮੇਅਰ ਦੀ ਕੁਰਸੀ ’ਤੇ ਬਿਠਾਇਆ ਅਤੇ ਮੁਬਾਰਕਬਾਦ ਦਿੱਤੀ।
ਅਹੁਦਾ ਸੰਭਾਲਣ ਉਪਰੰਤ ਮੇਅਰ ਵਿਨੀਤ ਧੀਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਸ਼ਹਿਰ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਦੀ ਵਚਨਬੱਧਤਾ ਦਹੁਰਾਉਂਦਿਆ ਉਨ੍ਹਾਂ ਕਿਹਾ ਕਿ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੇਜ਼ੀ ਨਾਲ ਤੋਰਿਆ ਜਾਵੇਗਾ।
ਉਪਰੰਤ ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਜਲੰਧਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਅਤੇ ਡਿਪਟੀ ਮੇਅਰ ਮਲਕੀਤ ਸਿੰਘ ਨੇ ਵੀ ਆਪੋ-ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ।