ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਵਿਕਾਸ ਪ੍ਰਾਜੈਕਟ ਮਿੱਥੇ ਸਮੇਂ ਅੰਦਰ ਨੇਪਰੇ ਚਾੜ੍ਹਨ ਦੀ ਹਦਾਇਤ

0

– ਅਧਿਕਾਰੀਆਂ ਨੂੰ ਫੀਲਡ ’ਚ ਜਾ ਕੇ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ

– ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਦੇ ਵੀ ਨਿਰਦੇਸ਼

ਜਲੰਧਰ, 13 ਜਨਵਰੀ 2025:  ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੇਂਡੂ ਵਿਕਾਸ ਨਾਲ ਸਬੰਧਤ ਵੱਖ-ਵੱਖ ਸਕੀਮਾਂ ਅਧੀਨ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਸਮੇਤ ਮਗਨਰੇਗਾ, ਪੰਜਾਬ ਨਿਰਮਾਣ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਵੱਛ ਭਾਰਤ ਮਿਸ਼ਨ ਤਹਿਤ ਠੋਸ ਅਤੇ ਤਰਲ ਰਹਿੰਦ-ਖੂਹੰਦ ਦੇ ਨਿਪਟਾਰੇ ਸਮੇਤ ਹੋਰ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਡਾ. ਅਗਰਵਾਲ ਨੇ ਮਗਨਰੇਗਾ ਤਹਿਤ ਖਰਚ ਕੀਤੇ ਗਏ ਫੰਡਾਂ ਅਤੇ ਦਿੱਤੇ ਰੋਜ਼ਗਾਰ ਦਾ ਜਾਇਜ਼ਾ ਲੈਂਦਿਆਂ ਮਗਨਰੇਗਾ ਤਹਿਤ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦਿਆਂ ਜਾਬ ਕਾਰਡ ਧਾਰਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਯੋਗ ਵਿਅਕਤੀਆਂ ਨੂੰ ਕੰਮ ਮਿਲਣ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ।

ਜ਼ਿਲ੍ਹੇ ਦੇ ਪਿੰਡਾਂ ਵਿੱਚ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਅਤੇ ਖੇਡ ਮੈਦਾਨਾਂ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਵਿੱਚ ਜਾ ਕੇ ਖੁਦ ਇਨ੍ਹਾਂ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਵਿਕਾਸ ਲਈ ਅਹਿਮ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਐਮ ਪੀ ਲੈਡ ਸਕੀਮ ਤਹਿਤ ਮੁਕੰਮਲ ਕੀਤੇ ਗਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਠੋਸ ਅਤੇ ਤਰਲ ਰਹਿੰਦ-ਖੂਹੰਦ ਦੇ ਪ੍ਰਬੰਧਨ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਨੂੰ ਸਵੱਛ ਬਣਾਇਆ ਜਾ ਸਕੇ।

ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *