ਪੰਜਾਬ ਸਰਕਾਰ ਸੂਬੇ ’ਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨਸ਼ੀਲ : ਹਰਭਜਨ ਸਿੰਘ ਈ.ਟੀ.ਓ.

– ਕਿਹਾ, ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਖੇਡਾਂ ਦੇ ਖੇਤਰ ’ਚ ਮੱਲਾਂ ਮਾਰ ਰਹੇ ਨੇ ਪੰਜਾਬ ਦੇ ਨੌਜਵਾਨ
– ਪਿੰਡ ਸੰਘੇ ਖਾਲਸਾ ਦੇ ਖੇਡ ਤੇ ਸੱਭਿਆਚਾਰਕ ਮੇਲੇ ‘ਚ ਕੀਤੀ ਸ਼ਿਰਕਤ
ਜਲੰਧਰ, 14 ਜਨਵਰੀ 2025: ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੰਘੇ ਖਾਲਸਾ ਵਿਖੇ 30ਵੇਂ ਸਲਾਨਾ ਬਾਬਾ ਸ਼ਹੀਦਾਂ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਤੀਜੇ ਤੇ ਆਖਰੀ ਦਿਨ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਰਾਜ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਨੌਜਵਾਨ ਪੀੜ੍ਹੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿੰਡਾਂ ਵਿੱਚ ਲੱਗਦੇ ਇਹ ਖੇਡ ਅਤੇ ਸੱਭਿਆਚਾਰਕ ਮੇਲੇ ਸੂਬੇ ਦੀ ਅਮੀਰ ਵਿਰਾਸਤ ਦਾ ਹਿੱਸਾ ਹਨ ਅਤੇ ਰਾਜ ਸਰਕਾਰ ਸੂਬੇ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਰੀਏ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਣ ਲਈ ਸੁਖਾਵਾਂ ਮਾਹੌਲ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਸੁਧਾਰ ਸਦਕਾ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।
ਸਰੀਰਿਕ ਤੰਦਰੁਸਤੀ ਲਈ ਖੇਡਾਂ ਨੂੰ ਅਹਿਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਕੋਈ ਨਾ ਕੋਈ ਖੇਡ ਜ਼ਰੂਰ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਸਾਡੇ ਵਿੱਚ ਟੀਮ ਵਰਕ ਅਤੇ ਅਨੁਸ਼ਾਸਨ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ।
ਵਿਕਾਸ ਪੱਖੋਂ ਪਿੰਡ ਸੰਘੇ ਖਾਲਸਾ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਬਿਜਲੀ ਮੰਤਰੀ ਨੇ ਵਿਧਾਇਕ ਇੰਦਰਜੀਤ ਕੌਰ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਮਾਨ ਵੱਲੋਂ ਪਿੰਡਾਂ ਵਿੱਚ ਖੁਦ ਜਾ ਕੇ ਉਥੋਂ ਦੀਆਂ ਜ਼ਰੂਰਤਾਂ ਨੂੰ ਵਾਚ ਕੇ ਵਿਕਾਸ ਕਾਰਜਾਂ ਲਈ ਸਲਾਹੁਣਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਸੰਘੇ ਖਾਲਸਾ ਇੰਟਰਨੈਸ਼ਨਲ ਬਾਬਾ ਸ਼ਹੀਦਾਂ ਸੁਸਾਇਟੀ ਸਰੀ ਬੀ.ਸੀ. ਕੈਨੇਡਾ ਸੰਘੇ ਖਾਲਸਾ ਓਵਰਸੀਜ਼ ਵੈੱਲਫੇਅਰ ਕਮੇਟੀ ਸੰਘੇ ਖਾਲਸਾ ਨੂੰ ਹਰ ਸਾਲ ਇਹ ਮੇਲਾ ਕਰਵਾਉਣ ’ਤੇ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਮੇਲੇ ਨੌਜਵਾਨ ਪੀੜ੍ਹੀ ਨੂੰ ਸੇਧ ਪ੍ਰਦਾਨ ਕਰਨ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਵੱਲੋਂ ਇਸ ਮੌਕੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਖੇਡ ਅਤੇ ਸੱਭਿਆਚਾਰਕ ਮੇਲੇ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਪੱਖੋਂ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਖੇਡਾਂ ਵਾਲੇ ਪਾਸੇ ਲਗਾਉਣ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਮੇਲੇ ਕਾਰਗਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਅਜਿਹੇ ਮੇਲਿਆਂ ਸਦਕਾ ਸੂਬਾ ਰੰਗਲੇ ਪੰਜਾਬ ਵਜੋਂ ਉਭਰ ਰਿਹਾ ਹੈ ਅਤੇ ਇਹ ਮਾਹੌਲ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਧਾਈ ਦੇ ਪਾਤਰ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਰੰਧਾਵਾ, ਸਤਿੰਦਰ ਸਿੰਘ ਸੰਘਾ, ਸੁਰਜੀਤ ਸਿੰਘ ਰੰਧਾਵਾ, ਪਿਆਰਾ ਸਿੰਘ ਸੰਘਾ, ਪਿੰਡ ਦੀ ਪੰਚਾਇਤ ਅਤੇ ਓਵਰਸੀਜ਼ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ।