ਡਿਪਟੀ ਕਮਿਸ਼ਨਰ ਵੱਲੋਂ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

0

– ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਡਾ. ਅਗਰਵਾਲ

ਜਲੰਧਰ, 17 ਜਨਵਰੀ 2025: ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਐਨ.ਜੀ.ਓਜ਼ ਅਤੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਿੱਖਿਆ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਕੈਂਪ/ਸੈਮੀਨਾਰ ਆਦਿ ਕਰਵਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾਵੇ।

ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ। ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਉਨ੍ਹਾਂ ਨਗਰ ਨਿਗਮ/ਨਗਰ ਕੌਂਸਲਾਂ ਨੂੰ ਸੜਕ ’ਤੇ ਘੁੰਮਦੇ ਆਵਾਰਾ ਪਸ਼ੂਆਂ ਦੇ ਗਲ ਵਿੱਚ ਰੇਡੀਅਮ ਬੈਲਟਸ ਪਾਉਣ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਸੜਕਾਂ ’ਤੇ ਕਿਤੇ ਕੋਈ ਨੀਵੀਆਂ ਲਟਕਦੀਆਂ ਜਾਂ ਨੰਗੀਆਂ ਤਾਰਾਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਤੋਂ ਇਲਾਵਾ ਹਾਦਸਿਆਂ ਤੋਂ ਬਚਾਅ ਲਈ ਨਗਰ ਨਿਗਮ ਨੂੰ ਸੜਕਾਂ ’ਤੇ ਪੈਚਵਰਕ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲੀ ਵਾਹਨ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣ। ਉਨ੍ਹਾਂ ਕਿਹਾ ਕਿ ਸਮਰੱਥਾ ਤੋਂ ਜ਼ਿਆਦਾ ਵਿਦਿਆਰਥੀ ਲੈ ਕੇ ਜਾਣ ਵਾਲੇ ਆਟੋਜ਼ ਅਤੇ ਹੋਰ ਵਾਹਨਾਂ ਖਿਲਾਫ਼ ਵੀ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ֹਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸੜਕ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਓਵਰਲੋਡਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ, ਅੰਡਰ ਏਜ ਡਰਾਈਵਿੰਗ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ֹ’ਤੇ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਪਛਾਣ ਕੀਤੇ ਗਏ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਵੀ ਕਿਹਾ।

ਮੀਟਿੰਗ ਵਿੱਚ ਐਸ.ਡੀ.ਐਮ ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਤੇ ਅਮਨਪਾਲ ਸਿੰਘ  ਐਨ.ਜੀ.ਓਜ਼ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

About The Author

Leave a Reply

Your email address will not be published. Required fields are marked *