ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 20 ਜਨਵਰੀ 2025: ਫਾਜ਼ਿਲਕਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਉਹਨਾਂ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।
ਵਧੀਕ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਤੇ ਅਜਿਹੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ ਤੇ ਕੀਤਾ ਜਾਵੇਗਾ। ਇਸੇ ਤਰ੍ਹਾਂ ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਰਫਤ ਸਾਰੇ ਸਰਕਾਰੀ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉੱਥੇ ਵੀ ਆਜ਼ਾਦੀ ਘੁਲਾਟੀਆਂ ਨੂੰ ਇਲਾਜ ਵਿੱਚ ਕੋਈ ਦਿੱਕਤ ਨਾ ਆਵੇ । ਉਹਨਾਂ ਨੇ ਕਿਹਾ ਕਿ ਰੋਡਵੇਜ਼ ਦੀਆਂ ਬੱਸਾਂ ਵਿੱਚ ਵੀ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸੇ ਤਰਾਂ ਉਹਨਾਂ ਆਖਿਆ ਕਿ ਜਿਨਾਂ ਪਿੰਡਾਂ ਵਿੱਚ ਆਜ਼ਾਦੀ ਘੁਲਾਟੀਏ ਰਹਿੰਦੇ ਸਨ ਉਹਨਾਂ ਪਿੰਡਾਂ ਦੇ ਸਕੂਲਾਂ ਵਿੱਚ ਉਹਨਾਂ ਦੇ ਨਾਮ ਦੇ ਬੋਰਡ ਲਾਏ ਜਾਣਗੇ ਅਤੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਵੀ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਡਾ: ਮਨਦੀਪ ਕੌਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਅਤੇ ਉਨਾਂ ਦੇ ਪਰਿਵਾਰ ਦਾ ਹਰ ਦਫਤਰ ਵਿੱਚ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਅਜਾਦੀ ਘੁਲਾਟੀਆਂ ਦੀ ਜੱਥੇਬੰਦੀ ਦੇ ਜੋਨਲ ਇੰਚਾਰਜ ਰਾਮ ਸਿੰਘ ਮਿੱਡਾ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੇ ਮਸਲੇ ਵਧੀਕ ਡਿਪਟੀ ਕਮਿਸ਼ਨਰ ਸਾਹਮਣੇ ਰੱਖੇ। ਜਿਨਾਂ ਨੂੰ ਹੱਲ ਕਰਨ ਦੀਆਂ ਹਦਾਇਤਾਂ ਮੌਕੇ ਤੇ ਹੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਗਈਆਂ। ਬੈਠਕ ਵਿੱਚ ਸਮਾਜਿਕ ਨਿਆ ਅਤੇ ਅਧਿਕਾਰੀਤਾ ਅਫਸਰ ਸ੍ਰੀ ਅਸ਼ੋਕ ਕੁਮਾਰ, ਤਹਿਸੀਲਦਾਰ ਨਵਜੀਵਨ ਛਾਬੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।