ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

0

– ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ

(Krishna raja)

ਪਟਿਆਲਾ 17 ਫਰਵਰੀ 2025: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ  ਵੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਇਸ ਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ , ਲੋਕਾਂ ਦੇ ਕੰਮ ਮਿੱਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਅਤੇ ਲੋਕਾਂ ਦਾ ਹਰੇਕ ਕੰਮ ਜਿਵੇਂ ਪੈਨਸ਼ਨ , ਸਰਟੀਫਿਕੇਟ ਆਦਿ ਕੋਈ ਵੀ ਦਫਤਰੀ ਕੰਮ ਪਿਆਰ ਨਾਲ ਕਰਨ ਦੀ ਹਦਾਇਤ ਵੀ ਦਿੱਤੀ। ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ  ਬਜਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜੁੰਮੇਵਾਰ ਹੋਵੇਗਾ ।

ਇਸ ਮੌਕੇ ਐਸ.ਐਸ.ਪੀ. ਨਾਨਕ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ)ਇਸ਼ਾ ਸਿੰਗਲ,  ਏ.ਡੀ.ਸੀ(ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ , ਸਮੂਹ ਐਸ.ਡੀ.ਐਮਜ਼ ਅਤੇ ਸਮੂਹ ਬੀ.ਡੀ.ਪੀ.ਓਜ਼, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

About The Author

Leave a Reply

Your email address will not be published. Required fields are marked *