ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

0

– ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

– ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ

(krishna raja)

ਚੰਡੀਗੜ੍ਹ, 17 ਜਨਵਰੀ 2025: ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ। ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ.ਪੀ., ਡੀ.ਐਸ.ਪੀ., ਐਸ.ਐਚ.ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ।

ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ। ਇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭ੍ਰਿਸ਼ਟ ਅਮਲ, ਜਨਤਕ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ ਤੇ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਂਦੇ ਹਨ ਅਤੇ ਰਾਸ਼ਟਰੀ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ, ਇਸ ਲਈ ਇਸ ਖ਼ਤਰੇ ਨਾਲ ਸਿੱਝਣ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

About The Author

Leave a Reply

Your email address will not be published. Required fields are marked *