ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

0

– ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ

– ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ

– ‘ਆਪ’ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ

(krishna raja) ਚੰਡੀਗੜ੍ਹ, 25 ਫਰਵਰੀ 2025: ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਧਾਵਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੱਤਾਧਾਰੀ ‘ਆਪ’ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਦਿਨ-ਰਾਤ ਸੁਪਨੇ ਦੇਖਣ ਦੀ ਬਜਾਏ ਕਾਂਗਰਸ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਵਿਰੋਧੀ ਧਿਰ ਦੇ ਬਖੀਏ ਉਧੇੜਦਿਆਂ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਵੱਲੋਂ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਅਤੇ ਪਾਰਟੀ ਛੱਡਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮਹਿਜ਼ ਹਵਾਈ ਕਿਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਪਾਰਟੀ ਦੇ ਕਾਡਰ ਨਾਲ ਕੋਈ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਕੇ ਬਾਹਰ ਕੱਢ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲਗਾਤਾਰ ਅਜਿਹੇ ਤਰਕਹੀਣ ਬਿਆਨ ਦੇ ਰਹੇ ਹਨ ਪਰ ਇਨ੍ਹਾਂ ਨੇ ਕਦੇ ਵੀ ਕੇਂਦਰ ਸਰਕਾਰ ਸਾਹਮਣੇ ਪੰਜਾਬ ਦਾ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਬਿਆਨਬਾਜ਼ੀ ਕਿ ‘ਆਪ’ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਬਾਜਵਾ ਦੀ ਮੀਡੀਆ ਦੀਆਂ ਸੁਰਖੀਆਂ ਬਟੋਰਨ ਦੀ ਚਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਲੋਕਾਂ ਦੀ ਪਹੁੰਚ ਤੋਂ ਬਾਹਰ ਅਤੇ ਭ੍ਰਿਸ਼ਟ ਆਗੂ ਨਿਕਲੇ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪਣੇ ਪਿਛਲੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਬਹੁਤ ਘੱਟ ਮੌਕਿਆਂ ‘ਤੇ ਹੀ ਦੇਖਿਆ ਕਿਉਂਕਿ ਮਹਾਰਾਜਾ ਜਾਂ ਤਾਂ ਆਪਣੇ ਨਿੱਜੀ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ ਜਾਂ ਫਿਰ ਮਹਿਲਾਂ ਵਿੱਚ ਆਪਣੀ ਕੁਰਸੀ ਨਾਲ ਚਿਪਕਿਆ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂਆਂ ਨੂੰ ਵੰਗਾਰਦਿਆਂ ਕਿਹਾ ਕਿ ‘ਆਪ’ ਵਿਧਾਇਕਾਂ ਦੀ ਚਿੰਤਾ ਕਰਨ ਦੀ ਬਜਾਏ, ਉਨ੍ਹਾਂ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਸੱਤ ਵਿਧਾਇਕ ਵੀ ਇਕੱਠੇ ਨਹੀਂ ਹੋ ਸਕਦੇ ਅਤੇ ਇਕੱਠੇ ਕੰਮ ਨਹੀਂ ਕਰ ਸਕਦੇ।

ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ‘ਤੇ 51000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਦੀ ਜੇਬ ਵਿੱਚ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ਹਿੱਤ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਰੇਗਾ ਸਕੀਮ ਨੂੰ ਲਾਗੂ ਕਰਨ ਅਤੇ ਬਿਹਤਰ ਬਣਾਉਣ ਲਈ ਇਨਕਲਾਬੀ ਤਬਦੀਲੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚਾ ਆਦਿ ਖੇਤਰਾਂ ਦੇ ਵਿਕਾਸ ‘ਤੇ ਵੱਡਾ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ।

About The Author

Leave a Reply

Your email address will not be published. Required fields are marked *

You may have missed