ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ – ਡਾ: ਨਵਜੋਤ ਸ਼ਰਮਾ

(Krishna raja) ਪਟਿਆਲਾ, 25 ਮਾਰਚ 2025: ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਤੇ ਆਈਆਂ ਸ਼ਿਕਾਇਤਾਂ ਦਾ ਵਿਭਾਗ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ । ਮੀਟਿੰਗ ਵਿੱਚ ਉਹਨਾ ਦੇ ਨਾਲ ਈ.ਏ.ਸੀ.(ਯੂ.ਟੀ.) ਸਤੀਸ਼ ਚੰਦਰ ਵੀ ਹਾਜ਼ਰ ਸਨ ।
ਡਾ: ਨਵਜੋਤ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ । ਉਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ । ਉਹਨਾਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ।
ਮੁੱਖ ਮੰਤਰੀ ਫੀਲਡ ਅਫਸਰ ਨੇ ਮੀਟਿੰਗ ਦੌਰਾਨ ਆਏ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਅਰਜੀ ਉਹਨਾਂ ਦੇ ਵਿਭਾਗ ਨਾਲ ਸਬੰਧਤ ਨਹੀ ਹੈ ਤਾਂ ਉਸ ਅਰਜੀ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਸਕੇ ।
ਇਸ ਦੌਰਾਨ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।