ਪੈਂਡਿੰਗ ਪਏ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ: ਜੈ ਕ੍ਰਿਸ਼ਨ ਸਿੰਘ ਰੌੜੀ

0

– ਡਿਪਟੀ ਸਪੀਕਰ ਨੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

(Krishna raja) ਹੁਸ਼ਿਆਰਪੁਰ, 2 ਅਪ੍ਰੈਲ 2025: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਲਾਭ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਪੈਂਡਿੰਗ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਸਮੇਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕੰਮਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਸੁਖਾਲੇ ਢੰਗ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਬਣਦਾ ਲਾਹਾ ਲੈ ਸਕਣ। ਡਿਪਟੀ ਸਪੀਕਰ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਲਕੇ ਵਿਚ ਹਰ ਕੱਚੇ ਘਰ ਨੂੰ ਪੱਕਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣਾ ਵੀ ਉਨ੍ਹਾਂ ਦੇ ਤਰਜ਼ੀਹੀ ਖੇਤਰ ਵਿਚ ਸ਼ਾਮਲ ਹੈ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰਤ ਤਜਵੀਜ਼ ਤਿਆਰ ਕੀਤੀ ਜਾਵੇ ਤਾਂ ਜੋ ਇਨ੍ਹਾਂ ਕੰਮਾਂ ਲਈ ਲੋੜੀਂਦੇ ਫੰਡ ਜਾਰੀ ਕਰਵਾ ਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਕੰਢੀ ਦੇ ਪਿੰਡਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਂਦਿਆਂ ਇਨ੍ਹਾਂ ਖੇਤਰਾਂ ਵਿਚ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮਿੱਥੇ ਟੀਚਿਆਂ ਨੂੰ ਸਫਲਤਾਪੂਰਵਕ ਹਾਸਲ ਕੀਤਾ ਜਾਵੇਗਾ ਜਿਸ ਲਈ ਹਰ ਵਰਗ ਦਾ ਲੋੜੀਂਦਾ ਸਹਿਯੋਗ ਲਾਜ਼ਮੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਗੜ੍ਹਸ਼ੰਕਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸਿੰਘ, ਓ.ਐਸ.ਡੀ ਚਰਨਜੀਤ ਸਿੰਘ ਚੰਨੀ ਆਦਿ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *