ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲਾਂ ’ਚ 90.80 ਲੱਖ ਰੁਪਏ ਦੀ ਲਾਗਤ ਨਾਲ ਕਰਾਏ ਕੰਮਾਂ ਦਾ ਕੀਤਾ ਉਦਘਾਟਨ

– ਕਿਹਾ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਸਰਕਾਰੀ ਸਕੂਲਾਂ ’ਚ ਹਰ ਸਹੂਲਤ ਉਪਲਬੱਧ
– ਪੰਜਾਬ ਸਰਕਾਰ ਨੇ ਸੂਬੇ ’ਚ ਲਿਆਂਦੀ ਸਿੱਖਿਆ ਕ੍ਰਾਂਤੀ
(Rajinder Kumar) ਹੁਸ਼ਿਆਰਪੁਰ, 7 ਅਪ੍ਰੈਲ 2025: ਰਾਜ ਸਰਕਾਰ ਵਲੋਂ ਸੂਬੇ ਵਿਚ ਸ਼ੁਰੂ ਕੀਤੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਲੋੜੀਂਦੀਆਂ ਸਹੂਲਤਾਂ ਉਪਲਬੱਧ ਕਰਵਾਉਣ ਅਤੇ ਆਧੁਨਿਕੀਕਰਨ ਲਈ ਹੁਸ਼ਿਆਰਪੁਰ ਸਬ-ਡਵੀਜ਼ਨ ਦੇ 4 ਸਕੂਲਾਂ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 90.80 ਲੱਖ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੇ ਮੱਦੇਨਜ਼ਰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਸਰਕਾਰੀ ਪ੍ਰਾਇਮਰੀ ਸਕੂਲ, ਨਲੋਈਆਂ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ’ਚ ਬਹੁਤ ਵੱਡੇ ਪੱਧਰ ’ਤੇ ਸੁਧਾਰ ਲਿਆਂਦੇ ਹਨ ਜਿਹੜੇ ਕਿ ਪ੍ਰਤੱਖ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਬਹੁਤ ਸਾਰੇ ਸਰਕਾਰੀ ਸਕੂਲ ਪਿਛਲੇ ਲੰਬੇ ਸਮੇਂ ਤੋਂ ਬਾਹਰਲੀਆਂ ਕੰਧਾਂ ਤੋਂ ਸੱਖਣੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸਦਕਾ ਸਕੂਲਾਂ ਨੂੰ ਬੇਹੱਦ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ ਜਿਸ ਦੀ ਨਾ ਸਿਰਫ਼ ਵਿਦਿਆਰਥੀ ਸਗੋਂ ਮਾਪਿਆਂ ਵਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿਖੇ 21 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਆਧੁਨਿਕੀਕਰਨ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕੂਲ ਵਿਚ ਸਿੱਖਿਆ ਦੇ ਸੰਦਰਭ ਵਿਚ ਅਤਿਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੀਆਂ। ਵਿਧਾਇਕ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਹੀਰਾਂ ਵਿਖੇ 4.76 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੰਨਣ ਵਿਖੇ 47.4 ਲੱਖ ਰੁਪਏ ਦੇ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਪੱਖੋਂ ਹੀ ਨਹੀਂ ਸਗੋਂ ਕੰਪਿਊਟਰ, ਲੈਪਟਾਪ, ਪ੍ਰੋਜੈਕਟਰ, ਐਲ.ਈ.ਡੀ., ਵਧੀਆ ਫਰਨੀਚਰ, ਲੈਬਾਰਟਰੀਆਂ ਦੀ ਸਹੂਲਤ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਕੂਲਾ ਆਫ਼ ਐਮੀਨੈਂਸ, ਸਕੂਲ ਆਫ ਹੈਪੀਨੈਸ ਦੀ ਸਥਾਪਿਤੀ ਦੇ ਨਾਲ-ਨਾਲ ਹਰ ਸਕੂਲ ਦੇ ਪੱਧਰ ਵਿਚ ਵੱਡੇ ਸੁਧਾਰ ਲਿਆਂਦੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਬਹਾਦਰ ਸਿੰਘ ਸੁਨੇਤ, ਮਨੋਜ਼ ਦੱਤਾ, ਕ੍ਰਿਸ਼ਨ ਗੋਪਾਲ, ਹਰਜਿੰਦਰ ਸਿੰਘ, ਕੰਚਨ ਦਿਓਲ, ਪ੍ਰਿੰਸੀਪਲ ਰਾਜਨ ਅਰੋੜਾ, ਪ੍ਰਿੰਸੀਪਲ ਰਮਨਦੀਪ ਕੌਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।