ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰੀ ਬਸਤਿਆਂ ਤੋਂ ਨਿਜਾਤ ਦਿਵਾ ਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦਾ ਬੀੜਾ ਉਠਾਇਆ-ਜੌੜਾਮਾਜਰਾ

– ਵਿਧਾਇਕ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਮਾਣਾ ਹਲਕੇ ਦੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
(Rajinder Kumar) ਸਮਾਣਾ, 22 ਅਪ੍ਰੈਲ 2025: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜਿਹੜੇ ਸਰਕਾਰੀ ਸਕੂਲਾਂ ਵੱਲ ਕਦੇ ਪਿਛਲੀਆਂ ਸਰਕਾਰਾਂ ਨੇ ਧਿਆਨ ਨਹੀਂ ਦਿੱਤਾ, ਉਨ੍ਹਾਂ ਸਕੂਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਹਨ। ਅੱਜ ਸਮਾਣਾ ਹਲਕੇ ਦੇ ਸਕੂਲਾਂ ਸਰਕਾਰੀ ਹਾਈ ਸਕੂਲ ਕਰਹਾਲੀ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖੇੜਕੀ ਅਤੇ ਰੰਧਾਵਾ ਵਿਖੇ ਕਰਵਾਏ ਗਏ ਵੱਖ-ਵੱਖ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।



ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੀੜਾ ਉਠਾਇਆ ਹੈ ਕਿ ਸਰਕਾਰੀ ਸਕੂਲਾਂ ਵਿਖੇ ਪੜ੍ਹਦੇ ਵਿਦਿਆਰਥੀਆਂ ਨੂੰ ਭਾਰੀ ਬਸਤਿਆਂ ਤੋਂ ਨਿਜਾਤ ਦਿਵਾ ਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸੇ ਪੰਜਾਬ ਸਿੱਖਿਆ ਕ੍ਰਾਂਤੀ ਦੇ ਚਲਦਿਆਂ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਹੋਰ ਖੇਤਰਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰ ਰਹੇ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਬਿਹਤਰੀਨ ਸਕੂਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲਾਂ ਸਮੇਤ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।