ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

0

– ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ

(Rajinder Kumar) ਚੰਡੀਗੜ੍ਹ, 25 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਸਟਾਫ ਦਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਅਣਉਚਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੰਘ ਸਾਹਿਬ ਪੰਜਾਬ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਤ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਅਜਿਹੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਹਰੇਕ ਸਿੱਖ ਦੇ ਮਨ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਸਿੱਧੇ ਤੌਰ ‘ਤੇ ਦੁਨੀਆ ਭਰ ਦੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

About The Author

Leave a Reply

Your email address will not be published. Required fields are marked *