‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

0

– ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀ

– ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ

(Rajinder Kumar) ਚੰਡੀਗੜ੍ਹ, 30 ਅਪ੍ਰੈਲ 2025: ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ‘ਤੇ ਪਹਿਲਾਂ ਹੀ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ ਹੀ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਗਈ ਹੈ ਜਿਸ ਦੇ ਨਤੀਜੇ ਵਜੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਪੀੜਤਾਂ ਦੀ ਗਿਣਤੀ ਵਧ ਗਈ ਹੈ। ਇਸ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਨੈੱਟਵਰਕ ਸਥਾਪਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਵਿੱਚ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਮਾਣ-ਸਨਮਾਨ ਵਾਲੀ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਜਾ ਸਕੇ।

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮੱਦੇਨਜ਼ਰ ਮੌਜੂਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਨਵੇਂ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਮੌਜੂਦਾ ਕੇਂਦਰਾਂ ਵਿੱਚ ਸੇਵਾ ਦੀ ਗੁਣਵੱਤਾ ਅਤੇ ਸਮੁੱਚੇ ਮਾਹੌਲ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ, ਜਿਸ ਵਿੱਚ ਏਅਰ ਕੰਡੀਸ਼ਨਿੰਗ ਦੀ ਵਿਵਸਥਾ ਵੀ ਸ਼ਾਮਲ ਹੈ। ਸਰਕਾਰ ਦੁਆਰਾ ਪ੍ਰਬੰਧਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਓ.ਓ.ਏ.ਟੀ. ਕੇਂਦਰਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਲੋੜ ਅਨੁਸਾਰ ਨਵੇਂ ਓ.ਓ.ਏ.ਟੀ. ਕੇਂਦਰ ਵੀ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਓ.ਓ.ਏ.ਟੀ. ਕੇਂਦਰਾਂ ਦੀ ਕੁੱਲ ਗਿਣਤੀ 529 ਤੋਂ ਵਧ ਕੇ 565 ਹੋ ਗਈ ਹੈ। ਅਗਲੇ ਕੁਝ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ‘ਤੇ ਜ਼ੋਰਦਾਰ ਲਗਾਮ ਕੱਸਦਿਆਂ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੇ ਨਤੀਜੇ ਵਜੋਂ ਪੀੜਤਾਂ ਦੇ ਵੱਡੀ ਗਿਣਤੀ ਵਿੱਚ ਓ.ਓ.ਏ.ਟੀ. ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਉਣ ਦੀ ਸੰਭਾਵਨਾ ਹੈ।

ਦੱਸਣਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਓ.ਓ.ਏ.ਟੀ. ਅਤੇ ਨਸ਼ਾ ਛੁਡਾਊ ਕੇਂਦਰਾਂ ‘ਤੇ ਲੋੜੀਂਦੀ ਮਾਤਰਾ ਵਿੱਚ ਦਵਾਈਆਂ, ਸਾਜ਼ੋ-ਸਮਾਨ ਅਤੇ ਬਿਸਤਰੇ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਸੇਵਾਵਾਂ ਦੀ ਗੁਣਵੱਤਾ ਦੇ ਉੱਚ ਮਿਆਰ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਜੇਕਰ ਕੋਈ ਵੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

About The Author

Leave a Reply

Your email address will not be published. Required fields are marked *