ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

0

– ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ

– ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ

– ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ

(Rajinder Kumar) ਚੰਡੀਗੜ੍ਹ, 10 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰਾਕ ਸਾਂਝ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਦੂਤ ਵਜੋਂ ਕੰਮ ਕਰਨ।

ਇਥੇ ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿਸ ‘ਤੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੇ ਬੀਜ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਵਧੇਰੇ ਮਜ਼ਬੂਤ ਹੈ ਅਤੇ ਧਾਰਮਿਕ ਆਗੂਆਂ ਨੂੰ ਇਸਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵਧਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮੀਟਿੰਗ ਇਕਦਮ ਬੁਲਾਈ ਗਈ ਹੈ ਪਰ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਮੀਟਿੰਗ ਨੇ ਇਨ੍ਹਾਂ ਚੁਣੌਤੀਪੂਰਨ ਸਮਿਆਂ ਦੌਰਾਨ ਏਕਤਾ ਅਤੇ ਸ਼ਾਂਤੀ ਦੀ ਮਜ਼ਬੂਤੀ ਲਈ ਧਾਰਮਿਕ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੇਸ਼ ਦਾ ਧਰਮ ਨਿਰਪੱਖ ਸੂਬਾ ਹੈ ਜਿੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਾਨੂੰ ਆਪਸੀ ਸਹਿਯੋਗ, ਸਹਿਣਸ਼ੀਲਤਾ ਅਤੇ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਲਈ ਧਾਰਮਿਕ ਆਗੂ ਮੁੱਖ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਧਰਮਾਂ ਅਤੇ ਲੋਕਾਂ ਦਰਮਿਆਨ ਦੁਸ਼ਮਣੀ ਪੈਦਾ ਕਰਨ ਵਾਲੇ ਨਫ਼ਰਤ ਭਰੇ ਭਾਸ਼ਣਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਤੁਰੰਤ ਸਰਕਾਰ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ‘ਤੇ ਜਲਦ ਕਾਰਵਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਫੌਜ ਜਵਾਨਾਂ ਦੇ ਪਰਿਵਾਰਾਂ ਨਾਲ ਸਮਾਜਿਕ ਸਾਂਝ ਅਤੇ ਏਕਤਾ ਦਿਖਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਦਾ ਮਨੋਬਲ ਹੋਰ ਵਧਾਇਆ ਜਾ ਸਕੇ।

ਮੁੱਖ ਮੰਤਰੀ ਨੇ ‘ਸਰਬੱਤ ਦੇ ਭਲੇ’ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਇਸ ਨੇਕ ਕਾਰਜ ਲਈ ਧਾਰਮਿਕ ਆਗੂਆਂ ਦੀ ਇਕਜੁੱਟਤਾ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਫੌਜ ਵਿੱਚ ਸਾਰੇ ਧਰਮਾਂ ਦੇ ਬਹਾਦਰ ਸੈਨਿਕ ਸ਼ਾਮਲ ਹਨ ਅਤੇ ਪੰਜਾਬ ਧਰਮ, ਜਾਤ ਜਾਂ ਨਸਲ ਦੀ ਪਰਵਾਹ ਕੀਤੇ ਬਿਨਾਂ ਸਭਨਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਲੋਕਾਂ ਨੂੰ ਉਸ ਥਾਂ ‘ਤੇ ਨਾ ਜਾਣ ਜਿੱਥੇ ਡਰੋਨ ਜਾਂ ਮਿਜ਼ਾਈਲ ਦਾ ਕੋਈ ਵੀ ਹਿੱਸਾ ਮਿਲਦਾ ਹੈ ਕਿਉਂਕਿ ਨਕਾਰਾ ਕੀਤੇ ਜਾਣ ਤੋਂ ਪਹਿਲਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਆਮ ਲੋਕਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕੋਈ ਮਿਜ਼ਾਈਲ ਜਾਂ ਬੈਲਿਸਟਿਕ ਸਮੱਗਰੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਜਿਹੀਆਂ ਖਤਰਨਾਕ ਚੀਜ਼ਾਂ ਦੇ ਨੇੜੇ ਜਾਣ ਜਾਂ ਛੂਹਣ ਤੋਂ ਸਾਵਧਾਨ ਰਹਿਣ ਲਈ ਕਿਹਾ ਕਿਉਂਕਿ ਇਹ ਉਨ੍ਹਾਂ ਲਈ ਘਾਤਕ ਹੋ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀਆਂ ਹਥਿਆਰਬੰਦ ਫੌਜਾਂ ਪਾਕਿਸਤਾਨ ਦੀਆਂ ਅਜਿਹੀਆਂ ਕਾਰਵਾਈਆਂ ਦਾ ਢੁਕਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਦੀ ਬਹਾਦਰੀ ਤੇ ਅਥਾਹ ਹੌਸਲੇ ਨਾਲ ਲਬਰੇਜ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਸੂਬਾ ਭਾਰਤੀ ਫੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਹਿਲਾਂ ਹੀ ਹਥਿਆਰਬੰਦ ਫੌਜਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੇ ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਚੀਜ਼ ਦੀ ਚਿੰਤਾ ਨਾ ਕਰਨ ਕਿਉਂਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਜ਼ਰੂਰੀ ਵਸਤਾਂ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਲੋੜੀਂਦੀ ਵਸਤੂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਹਨਾਂ ਅੱਗੇ ਕਿਹਾ ਕਿ ਜਾਣ-ਬੁਝ ਕੇ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਸੂਬਾ ਵਾਸੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

ਮੁੱਖ ਮੰਤਰੀ ਨੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਪੱਸ਼ਟ ਚਿਤਾਵਨੀ ਦਿੱਤੀ ਅਤੇ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਚੁਣੌਤੀਪੂਰਨ ਸਮਿਆਂ ਦੌਰਾਨ ਸੂਬੇ ਕੋਲ ਹਰ ਚੀਜ਼ ਦੀ ਢੁਕਵੀਂ ਸਪਲਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਯਾਤਰਾ ਕਰਨ ਤੋਂ ਪਰਹੇਜ਼ ਕੀਤਾ ਜਾਵੇ ਅਤੇ ਬੇਲੋੜੀ ਘਬਰਾਹਟ ਜਾਂ ਬੇਚੈਨੀ ਤੋਂ ਬਚਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਨਾਗਰਿਕਾਂ ਨੂੰ ਤਿਆਰ ਰੱਖਣ ਲਈ ਮੌਕ ਡ੍ਰਿਲ ਦੇ ਅਭਿਆਸ ਜਾਰੀ ਰਹਿਣਗੇ ਅਤੇ ਨਾਲ ਹੀ ਸਿਵਲ ਡਿਫੈਂਸ ਟ੍ਰੇਨਿੰਗ ਦੇ ਯਤਨ ਵੀ ਤੇਜ਼ ਕੀਤੇ ਜਾਣਗੇ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਮੌਜੂਦ ਸਨ।

About The Author

Leave a Reply

Your email address will not be published. Required fields are marked *