ਫਾਜ਼ਿਲਕਾ ਦੇ ਵਿਧਾਇਕ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ, ਨਸ਼ਾ ਮੁਕਤੀ ਯਾਤਰਾ ਦੀ ਪਿੰਡ ਬਖੂਸ਼ਾਹ, ਮੁਹੰਮਦ ਅਮੀਰਾ ਤੋਂ ਕੀਤੀ ਸ਼ੁਰੂਆਤ

0

– ਨਸ਼ਾ ਮੁਕਤ ਸਮਾਜ ਬਣਾਉਣ ਦੀ ਪਹਿਲ, ਪਿੰਡ ਵਾਸੀਆਂ ਨਾਲ ਕੀਤੀ ਜਨਸਭਾ

(Rajinder Kumar) ਫਾਜ਼ਿਲਕਾ, 19 ਮਈ 2025: ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਬੱਖੂਸ਼ਾਹ ਵਿੱਚ ਜਨ ਸਭਾ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਬਖੂਸ਼ਾਹ ਦੇ ਨਾਲ-ਨਾਲ ਮੁਹੱਮਦ ਅਮੀਰਾ ਤੇ ਹੋਰਨਾਂ ਪਿੰਡਾਂ ਵਿਚ ਪਹੁੰਚ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ ਗਈ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਖੇਡਣ ਵੱਲ ਉਤਸਾਹਿਤ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਆਰੰਭੀ ਗਈ ਹੈ ਤਾਂ ਜੋ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।

ਇਸ ਮੌਕੇ ਐਸ.ਡੀ.ਐਮ. ਮੈਡਮ ਵੀਰਪਾਲ ਕੌਰ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ ਤੋਂ ਇਲਾਵਾ ਬਲਾਕ ਪ੍ਰਧਾਨ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *