ਨਸ਼ਾ ਮੁਕਤੀ ਯਾਤਰਾ ਤਹਿਤ ਵਿਸਾਖੇ ਵਾਲਾ ਖ਼ੂਹ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

– ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਰੰਗਲਾ ਪੰਜਾਬ ਬਣਾਇਆ ਜਾਵੇਗਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
(Rajinder Kumar) ਫਾਜ਼ਿਲਕਾ, 24 ਮਈ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਕਰਵਾਇਆ ਜਾ ਰਿਹਾ ਹੈ।
ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ ਵਿਸਾਖੇ ਵਾਲਾ ਖ਼ੂਹ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਕੀਤੇ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ