ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

– ਪਿੰਡ ਫਤਿਹਪੁਰ, ਘੁਰਕਣੀ ਅਤੇ ਨੰਦਗੜ੍ਹ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਆਯੋਜਨ
(Krishna Raja) ਸਰਦੂਲਗੜ੍ਹ/ਮਾਨਸਾ, 30 ਮਈ 2025: ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਇਸ ਲਈ ਜੰਗੀ ਪੱਧਰ ਤੇ ਨਸ਼ਿਆਂ ਵਿਰੁੱਧ ਲੜਾਈ ਲੜ ਕੇ ਇਨ੍ਹਾਂ ਤੇ ਨਕੇਲ ਕਸੀ ਜਾ ਰਹੀ ਹੈ ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਹ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਫਤਿਹਪੁਰ, ਘੁਰਕਣੀ ਅਤੇ ਨੰਦਗੜ੍ਹ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿਉਂਕਿ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਵਿੱਚ ਅਸੀਂ ਮਿਸਾਲੀ ਜਿੱਤ ਪ੍ਰਾਪਤ ਕਰਾਂਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਤੜਕਸਾਰ ਅਤੇ ਦੇਰ ਸ਼ਾਮ ਵੇਲੇ ਵੀ ਨਸ਼ਾ ਤਸਕਰਾਂ ਦੇ ਠਿਕਾਣਿਆਂ ਤੇ ਰੇਡ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਮੁਹਿੰਮ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦੀ ਇਕਜੁੱਟਤਾ ਨਾਲ ਭਾਗੀਦਾਰੀ ਹੋ ਜਾਂਦੀ ਹੈ ਤਾਂ ਉਸ ਮੁਹਿੰਮ ਨੂੰ ਕੋਈ ਵੀ ਜਿੱਤਣ ਤੋਂ ਰੋਕ ਨਹੀਂ ਸਕਦਾ। ਉਨ੍ਹਾਂ ਲੋਕਾਂ ਦਾ ਇਸ ਮੁਹਿੰਮ ਵਿੱਚ ਤਨੋ-ਮਨੋ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸ ਮੌਕੇ ਲੋਕਾਂ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦੀ ਸਹੁੰ ਵੀ ਚੁਕਵਾਈ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕ ਮੌਜੂਦ ਸਨ।