ਪੰਜਾਬ ਦੇ ਰੌਸ਼ਨ ਭਵਿੱਖ ਲਈ ਨਸ਼ਿਆਂ ਖ਼ਿਲਾਫ਼ ਇੱਕਜੁੱਟਤਾ ਜ਼ਰੂਰੀ : ਡਾ. ਬਲਬੀਰ ਸਿੰਘ

0

– ਘਰ ‘ਚ ਨਸ਼ਾ ਵੜਨ ਦਾ ਸਭ ਤੋਂ ਵੱਡਾ ਸੰਤਾਪ ਔਰਤ ਨੂੰ ਭੋਗਣਾ ਪੈਂਦੇ : ਸਿਹਤ ਮੰਤਰੀ
 
– ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਜ਼ਿਲ੍ਹੇ ‘ਚ ਵੱਡਾ ਹੁੰਗਾਰਾ ਮਿਲਿਆ

– ਪਿੰਡ ਕਸਿਆਣਾ, ਫੱਗਣਮਾਜਰਾ, ਨੰਦਪੁਰ ਕੇਸੋਂ, ਕਰਮਗੜ੍ਹ, ਕਲੀਫੇਵਾਲ, ਚਲੈਲਾ ਤੇ ਰੋੜਗੜ੍ਹ ਦੇ ਵਸਨੀਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ

– ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਡਾ. ਬਲਬੀਰ ਸਿੰਘ

(Krishna Raja) ਪਟਿਆਲਾ, 1 ਜੂਨ 2025: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਰੌਸ਼ਨ ਭਵਿੱਖ ਲਈ ਜ਼ਰੂਰੀ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮੂਹ ਪੰਜਾਬੀ ਇੱਕਜੁੱਟ ਹੋ ਕੇ ਹੰਭਲਾ ਮਾਰਨ ਤੇ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਹ ਪ੍ਰਗਟਾਵਾਂ ਉਨ੍ਹਾਂ ਨਸ਼ਾ ਮੁਕਤੀ ਯਾਤਰਾ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਸਿਆਣਾ, ਫੱਗਣਮਾਜਰਾ, ਨੰਦਪੁਰ ਕੇਸੋਂ, ਕਰਮਗੜ੍ਹ, ਕਲੀਫੇਵਾਲ, ਚਲੈਲਾ ਤੇ ਰੋੜਗੜ੍ਹ ਦੇ ਵਸਨੀਕਾਂ ਨੂੰ ਆਪਣੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਦਿਵਾਉਂਦਿਆਂ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਨੂੰ ਜਿਸ ਤਰ੍ਹਾਂ ਦਾ ਹੁੰਗਾਰਾ ਪਿੰਡਾਂ ਤੇ ਸ਼ਹਿਰਾਂ ਵਿੱਚ ਮਿਲ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਪੰਜਾਬ ਵਾਸੀਆਂ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਖ਼ਤਮ ਕਰਨ ਦਾ ਪ੍ਰਣ ਲੈ ਲਿਆ ਹੈ।

ਉਨ੍ਹਾਂ ਵੱਡੀ ਗਿਣਤੀ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦ ਕਿਸੇ ਘਰ ਵਿੱਚ ਨਸ਼ਾ ਵੜਦਾ ਹੈ ਤਾਂ ਸਭ ਤੋਂ ਵੱਧ ਪ੍ਰਭਾਵਿਤ ਉਸ ਘਰ ਦੀਆਂ ਔਰਤਾਂ ਹੁੰਦੀਆਂ ਹਨ। ਕਿਉਂਕਿ ਨਸ਼ਿਆਂ ਨਾਲ ਘਰੇਲੂ ਹਿੰਸਾ, ਚੋਰੀ, ਗ਼ਰੀਬੀ, ਬਿਮਾਰੀ ਤੇ ਛੋਟੇ ਬੱਚਿਆਂ ਦਾ ਧੁੰਦਲਾ ਭਵਿੱਖ ਔਰਤ ਆਪਣੇ ‘ਤੇ ਹੰਢਾਉਂਦੀ ਹੈ। ਉਨ੍ਹਾਂ ਪਿੰਡਾਂ ਦੀਆਂ ਔਰਤਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਲੜਾਈ ‘ਚ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਪਿੰਡ ਦੀਆਂ ਔਰਤਾਂ ਏਕਾ ਕਰ ਲੈਣ ਕਿ ਪਿੰਡ ਵਿੱਚ ਨਸ਼ਾ ਨਹੀਂ ਵੜਨ ਦੇਣਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਨਸ਼ੇ ਦਾ ਪੂਰਨ ਤੌਰ ‘ਤੇ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਪਿੰਡ ਵਿੱਚ ਬਣੀ ਵਿਲੇਜ ਡਿਫੈਂਸ ਕਮੇਟੀ ਦੇ ਮੈਬਰਾਂ ਤੱਕ ਪਹੁੰਚਾਈ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਰਵਾਈ ਕੀਤੀ ਜਾ ਸਕੇ। ਇਸੇ ਤਰ੍ਹਾਂ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ਾ ਕਰਨ ਵਾਲੇ ਵਿਅਕਤੀ ਦੀ ਕਾਊਸਲਿੰਗ ਕਰਕੇ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਹਾਜ਼ਰ ਪਿੰਡ ਵਾਸੀਆਂ ਨੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਸਮੂਹਿਕ ਤੌਰ ‘ਤੇ ਪ੍ਰਣ ਲਿਆ। ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ ਅਤੇ ਅਜਿਹੇ ਅਨਸਰਾਂ ਦਾ ਮੁਕੰਮਲ ਬਾਈਕਾਟ ਕਰਨਗੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਵੀ ਪਤਾ ਲੱਗ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਦੀ ਪੁਸ਼ਤਪਨਾਹ ਨਹੀਂ ਹੈ ਤੇ ਹੁਣ ਲੋਕ ਵੀ ਇਨ੍ਹਾਂ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਪਟਿਆਲਾ ਦਿਹਾਤੀ ਦੇ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਹਰਪਾਲ ਸਿੰਘ ਵਿਰਕ, ਜੈ ਸ਼ੰਕਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *