ਬਾਲ ਵਿਆਹ ਨੂੰ ਰੋਕਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਕਰਮਜੀਤ ਕੌਰ

0

– ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਸਰਕਾਰ ਦੀ ਚੌਕਸੀ ਅਤੇ ਪ੍ਰਭਾਵਸ਼ਾਲੀ ਰਣਨੀਤੀਆਂ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
 
(Rajinder Kumar) ਹੁਸ਼ਿਆਰਪੁਰ, 1 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਚੌਕਸੀ ਅਤੇ ਪ੍ਰਭਾਵਸ਼ਾਲੀ ਰਣਨੀਤੀਆਂ ਸਦਕਾ ਸੂਬੇ ਭਰ ਵਿਚ ਬਾਲ ਵਿਆਹ ਵਰਗੇ ਅਣਮਨੁੱਖੀ ਅਮਲਾਂ ਨੂੰ ਰੋਕਣਾ ਸੰਭਵ ਹੋਇਆ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜਨਵਰੀ 2024 ਤੋਂ ਦਸੰਬਰ 2024 ਤੱਕ 42 ਬਾਲ ਵਿਆਹਾਂ ਨੂੰ ਸਮੇਂ ਸਿਰ ਰੋਕਿਆ ਗਿਆ। ਇਸ ਦੇ ਨਾਲ ਹੀ ਜਨਵਰੀ 2025 ਤੋਂ ਮਾਰਚ 2025 ਦਰਮਿਆਨ 16 ਹੋਰ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਕੇ, ਬੱਚਿਆਂ ਨੂੰ ਸਮੇਂ ਤੋਂ ਪਹਿਲਾਂ ਵਿਆਹ ਦੇ ਬੰਧਨ ਵਿਚ ਬੱਝਣ ਤੋਂ ਬਚਾਇਆ ਗਿਆ। ਇਸ ਤਰ੍ਹਾਂ ਪਿਛਲੇ 15 ਮਹੀਨਿਆਂ ਵਿਚ ਕੁੱਲ 58 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

ਚੇਅਰਪਰਸਨ ਕਰਮਜੀਤ ਕੌਰ ਨੇ ਇਸ ਨੂੰ ਪੰਜਾਬ ਸਰਕਾਰ ਦੀ ਸਮਾਜਿਕ ਸਰੋਕਾਰਾਂ ਪ੍ਰਤੀ ਵਚਨਬੱਧਤਾ ਦਾ ਸਬੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਪ੍ਰਸ਼ਾਸਨਿਕ ਯਤਨਾਂ ਰਾਹੀਂ ਸੰਭਵ ਹੋਈ ਹੈ, ਸਗੋਂ ਸਮਾਜਿਕ ਜਾਗਰੂਕਤਾ ਮੁਹਿੰਮਾਂ ਅਤੇ ਸਥਾਨਕ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਵੀ ਸੰਭਵ ਹੋਈ ਹੈ। ਉਨ੍ਹਾਂ ਇਸ ਮੁਹਿੰਮ ਨੂੰ ਜ਼ਿਲ੍ਹਾ ਪੱਧਰ ‘ਤੇ ਮਜ਼ਬੂਤ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਆਂਗਨਵਾੜੀ ਵਰਕਰਾਂ, ਸਕੂਲਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਸਮਾਜ ਨੂੰ ਜਾਗਰੂਕ ਕਰਨਾ ਅਤੇ ਹਰ ਬੱਚੇ ਨੂੰ ਸੁਰੱਖਿਅਤ ਅਤੇ ਸਿੱਖਿਅਤ ਭਵਿੱਖ ਪ੍ਰਦਾਨ ਕਰਨਾ ਸਾਡੀ ਤਰਜ਼ੀਹ ਹੈ।

ਕਰਮਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਇਹ ਸ਼ਲਾਘਾਯੋਗ ਉਪਰਾਲਾ ਸਮਾਜ ਵਿਚ ਸਕਾਰਾਤਮਕ ਤਬਦੀਲੀ ਵੱਲ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ।

About The Author

Leave a Reply

Your email address will not be published. Required fields are marked *