ਵਿਧਾਇਕ ਨਾਗਰਾ ਨੇ ਕਿਸਾਨੀ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਪਿੰਡ ਰੁੜਕੀ ਦੇ ਕਿਸਾਨ ਗੁਰਦਰਸ਼ਨ ਸਿੰਘ ਦੇ ਪਰਿਵਾਰ ਨੂੰ ਸੌਂਪਿਆ 05 ਲੱਖ ਦਾ ਚੈੱਕ

ਫਤਹਿਗੜ੍ਹ ਸਾਹਿਬ, 30 ਅਗਸਤ 2021 : ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨੀ ਸੰਘਰਸ਼ ਵਿਚ ਸਿੰਘੂ ਬਾਰਡਰ ਵਿਖੇ ਆਪਣੀ ਜਾਨ ਗਵਾਉਣ ਵਾਲੇ ਪਿੰਡ ਰੁੜਕੀ ਦੇ ਕਿਸਾਨ ਗੁਰਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 05 ਲੱਖ ਰੁਪਏ ਦਾ ਚੈੱਕ ਸੌਂਪਿਆ ।
ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਾਡੇ ਕਿਸਾਨ ਪਿਛਲੇ ਕਰੀਬ 09 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ਵਿਖੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਦੇ ਕੰਨੀ ਜੂੰ ਨਹੀਂ ਸਰਕ ਰਹੀ। 400 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪ੍ਰਤੀ ਕਿਸਾਨ 05 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕਿਸੇ ਲੋਕ ਪੱਖੀ ਕਾਰਜ ਲਈ ਆਪਣੀ ਜ਼ਿੰਦਗੀ ਵਾਰਨ ਵਾਲਿਆਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਸ. ਨਾਗਰਾ ਨੇ ਕਿਹਾ ਕਿ ਜਿਨ੍ਹਾਂ ਨੇ ਇਸ ਸੰਘਰਸ਼ ਤਹਿਤ ਜਾਨਾਂ ਵਾਰੀਆਂ ਹਨ, ਉਹ ਅਮਰ ਹੋ ਗਏ ਹਨ ਤੇ ਸਦਾ ਸਮਾਜ ਲਈ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ।
ਸ. ਨਾਗਰਾ ਨੇ ਕਿਹਾ ਕਿ ਜਬਰ ਜ਼ੁਲਮ ਦਾ ਟਾਕਰਾ ਕਰਨ ਅਤੇ ਇਸ ਅੱਗੇ ਨਾ ਝੁਕਣ ਦੀ ਪ੍ਰੇਰਨਾ ਸਾਨੂੰ ਗੁਰੂ ਸਾਹਿਬਾਨ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਧਰਤੀ ਹੈ, ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦਿਆਂ ਸੂਬਾ ਸਰਹੰਦ ਦੇ ਜ਼ਾਲਮ ਰਾਜ ਦਾ ਖਾਤਮਾ ਕੀਤਾ ਸੀ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕਰਦਿਆਂ ਮੁਜਾਹਰਿਆਂ ਨੂੰ ਜ਼ਮੀਨਾਂ ਦਵਾਈਆਂ ਸਨ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਹ ਦਿਨ ਰਾਤ ਇੱਕ ਕਰ ਕੇ ਹਲਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰ ਰਹੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 05 ਲੱਖ 64 ਹਜ਼ਾਰ ਕਿਸਾਨਾਂ ਦਾ 04,624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਇਸ ਮੌਕੇ ਐੱਸ.ਡੀ.ਐੱਮ ਸੰਜੀਵ ਕੁਮਾਰ, ਤਹਿਸੀਲਦਾਰ ਗੁਰਜਿੰਦਰ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਸੰਦੀਪ ਸਿੰਘ ਸੰਜੂ, ਨਿਰਮਲ ਸਿੰਘ, ਗੁਰਜੀਤ ਸਿੰਘ, ਅਜੈਬ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਰਵਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।