ਰੰਗਲਾ ਪੰਜਾਬ ਵਿਕਾਸ ਯੋਜਨਾ ; ਖੇਤੀਬਾੜੀ ਮੰਤਰੀ ਵੱਲੋਂ ਜਲੰਧਰ ’ਚ 43.79 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਪ੍ਰਵਾਨ

0

– ਕਿਹਾ, ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਹਰੇਕ ਹਲਕੇ ਦੇ ਸਰਵਪੱਖੀ ਵਿਕਾਸ ਲਈ ਖਰਚੇ ਜਾਣਗੇ 5 ਕਰੋੜ ਰੁਪਏ

– ਹਲਕਾ ਵਿਧਾਇਕਾਂ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

(Rajinder Kumar) ਜਲੰਧਰ, 8 ਅਗਸਤ 2025: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਪ੍ਰਮੁੱਖ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 43.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ, ਜੋ ਕਿ ਇਸ ਯੋਜਨਾ ਦੇ ਨੋਡਲ ਮੰਤਰੀ ਵੀ ਹਨ, ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਵਿੱਚ ਵਿਕਾਸ ਪੱਖੋਂ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਨੂੰ 5 ਕਰੋੜ ਰੁਪਏ ਪ੍ਰਾਪਤ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਪਵਨ ਕੁਮਾਰ ਟੀਨੂੰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਵਾਨ ਕੀਤੇ 755 ਪ੍ਰਾਜੈਕਟਾਂ ਨੂੰ ਸਮੇਂ ਸਿਰ ਅਮਲੀ ਰੂਪ ਦੇਣ ਅਤੇ ਉੱਚ-ਗੁਣਵੱਤਾ ਮਿਆਰਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 22.50 ਕਰੋੜ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ, ਬਾਕੀ ਫੰਡ ਵੀ ਜਲਦ ਹੀ ਤਕਸੀਮ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੈਮਾਂ ਅਤੇ ਦਰਿਆਵਾਂ ਵਿੱਚ ਵਧ ਰਹੇ ਪਾਣੀ ਦੇ ਪੱਧਰ ‘ਤੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਜਲੰਧਰ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਮੰਤਰੀ ਦਾ ਇਥੇ ਪਹੁੰਚਣ ‘ਤੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਆਪ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *