ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਤੇ ਕੈਟਲ ਫੀਡ ਦੀ ਵੰਡ ਸ਼ੁਰੂ ਕਰਵਾਈ

(Rajinder Kumar) ਫਾਜ਼ਿਲਕਾ, 24 ਅਗਸਤ 2025: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਨੂੰ ਹਰ ਮਦਦ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਲੋੜਵੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਅਤੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਮੁਹਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਲੜੀ ਤਹਿਤ ਰਾਸ਼ਨ ਕਿੱਟਾਂ ਅਤੇ ਕੈਟਲ ਫੀਡ ਦੀ ਵੰਡ ਦਾ ਕੰਮ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਪਿੰਡ ਦੋਨਾਂ ਨਾਨਕਾ ਤੋਂ ਸ਼ੁਰੂ ਕਰਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਐਸਡੀਐਮ ਵੀਰਪਾਲ ਕੌਰ ਵੀ ਉਨਾਂ ਦੇ ਨਾਲ ਹਾਜ਼ਰ ਸਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਐਲਾਨ ਕੀਤਾ ਸੀ ਕਿ ਕੈਟਲ ਫੀਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾਵੇਗੀ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ਇੱਕ ਕੁਦਰਤੀ ਆਫਤ ਹੈ ਪਰ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਪ੍ਰਕਾਰ ਦੀ ਮਦਦ ਲੋਕਾਂ ਨੂੰ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਹਰੇ ਚਾਰੇ ਦੀ ਵੰਡ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਅਤੇ ਹੁਣ ਲੋਕਾਂ ਦੀ ਮੰਗ ਅਨੁਸਾਰ ਪਸ਼ੂ ਫੀਡ ਵੀ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਨੇ ਕਿਹਾ ਕਿ ਸਾਰੇ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਜਾ ਰਹੀਆਂ ਹਨ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਬਿਨਾਂ ਸਾਰੇ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਗਿਆ ਹੈ ਤਾਂ ਜੋ ਹੜ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਨਾਇਬ ਤਹਸੀਲਦਾਰ ਅਰਾਧਨਾ ਖੋਸਲਾ ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।