ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

0

– ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ

– ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਦੇ ਵੀ ਦਿੱਤੇ ਨਿਰਦੇਸ਼

(Rajinder Kumar) ਲੁਧਿਆਣਾ, 26 ਅਗਸਤ 2025: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ।

ਚੈਕਿੰਗ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੰਟ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਹਰੇਕ ਬੈਰਕ ਦੀ ਚੈਕਿੰਗ ਕਰਦਿਆਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਿਹਾ ਖਾਣਾ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ।

ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇ। ਉਨ੍ਹਾਂ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ।

ਉਨ੍ਹਾਂ ਜੇਲ੍ਹ ਬੰਦੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਵੀ ਭਰਵਾਇਆ ਜਾ ਸਕਦਾ ਹੈ।

ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਪਾਈਆਂ ਗਈਆਂ ਕਮੀਆਂ ‘ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।

ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੇ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਸੁਮਿਤ ਸੱਭਰਵਾਲ, ਚੀਫ ਜੂਡੀਸ਼ੀਅਲ ਮੈਜਿਸਟਰੇਟ ਲੁਧਿਆਣਾ ਪਵਲੀਨ ਸਿੰਘ, ਮਾਨਯੋਗ ਅਤੇ ਚੀਫ ਲੀਗਲ ਏਡ ਡਿਫੈਂਸ ਕੌਂਸਲ ਲੁਧਿਆਣਾ  ਵਰਿੰਦਰਜੀਤ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *