ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡੀਸੀ ਨੂੰ ਹੜ੍ਹ ਪੀੜਤਾਂ ਲਈ ਆਪਣੀ ਤਨਖਾਹ ‘ਚੋਂ 01 ਲੱਖ ਰੁਪਏ ਦਾ ਚੈੱਕ ਸੌਂਪਿਆ

– ਹੜ੍ਹ ਪੀੜਤਾਂ ਦੀ ਮਦਦ ਲਈ ਹਰ ਨਾਗਰਿਕ ਪਾਵੇ ਆਪਣਾ ਯੋਗਦਾਨ-ਡਿਪਟੀ ਕਮਿਸ਼ਨਰ
(Rajinder Kumar) ਮਾਨਸਾ, 10 ਸਤੰਬਰ 2025: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਉਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੂੰ ਆਪਣੀ ਤਨਖਾਹ ਵਿਚੋਂ 01 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਵਿਚ ਬਹੁਤ ਸਾਰੇ ਲੋਕ ਘਰੋਂ ਬੇਘਰ ਹੋਏ ਨੇ ਜਿੰਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਰੋਜ਼ਮਰਾ ਦੀਆਂ ਹੋਰ ਜ਼ਰੂਰਤਾਂ ਲਈ ਸਹਿਯੋਗ ਕਰਨਾ ਸਾਡਾ ਨੈਤਿਕ ਫਰ਼ਜ ਹੈ। ਉਨ੍ਹਾਂ ਵਿਧਾਇਕ ਬਣਾਂਵਾਲੀ ਵੱਲੋਂ ਕੀਤੇ ਇਸ ਨੇਕ ਉਪਰਾਲੇ ਦੀ ਸਰਾਹਨਾ ਕੀਤੀ।
ਵਿਧਾਇਕ ਸ੍ਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੋਈ ਵੀ ਨਾਗਰਿਕ ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਕਰਨਾ ਚਾਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿਚ ਸਹਾਇਤਾ ਰਾਸ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਸ਼ਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰਾ ਆਦਿ ਦੀ ਵੀ ਸਹਾਇਤਾ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਜੁਟਿਆ ਹੋਇਆ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।