ਜ਼ਿਲ੍ਹੇ ’ਚ ਇਸ ਸੀਜ਼ਨ ਦੌਰਾਨ 4.36 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਅਨੁਮਾਨ : ਆਸ਼ਿਕਾ ਜੈਨ

– ਡਿਪਟੀ ਕਮਿਸ਼ਨਰ ਨੇ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
– ਕਿਹਾ, ਕਿਸਾਨ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ, ਖ਼ਰੀਦ ਹੋਵੋਗੀ ਨਿਰਵਿਘਨ
(Rajinder Kumar) ਹੁਸ਼ਿਆਰਪੁਰ, 11 ਸਤੰਬਰ 2025: ਪੰਜਾਬ ਵਿਚ ਜਲਦੀ ਹੀ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਕਿਹਾ ਕਿ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ ਲੱਗਭਗ 4.36 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦੇ ਜਾਣ ਦਾ ਅਨੁਮਾਨ ਹੈ। ਇਸ ਦੇ ਮੱਦੇਨਜ਼ਰ ਮੰਡੀਆਂ ਵਿਚ ਸਾਰੀਆਂ ਜ਼ਰੂਰੀ ਸਹੂਲਤਾਂ, ਜਿਵੇਂ ਕਿ ਬਿਜਲੀ, ਪਾਣੀ, ਮੀਂਹ ਲਈ ਤਰਪਾਲਾਂ, ਪਾਰਕਿੰਗ, ਪਖਾਨੇ, ਆੜ੍ਹਤੀਆਂ ਅਤੇ ਕਿਸਾਨਾਂ ਲਈ ਬੈਠਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ਼ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲਿਆਉਣ। ਗਿੱਲਾ ਜਾਂ ਨਮੀ ਵਾਲਾ ਝੋਨਾ ਖ਼ਰੀਦ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਕੀਮਤ ਦੀ ਪੂਰੀ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਇਸ ਸੀਜ਼ਨ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਹਿਯੋਗ ਨਾਲ ਬਿਨਾਂ ਕਿਸੇ ਰੁਕਾਵਟ ਦੇ ਝੋਨੇ ਦੀ ਖ਼ਰੀਦ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹੇਗਾ। ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।