ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ‘ਚ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ
-ਏ.ਡੀ.ਸੀ ਨਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮਹੱਤਵਪੂਰਨ ਮੀਟਿੰਗ
(Rajinder Kumar) ਹੁਸ਼ਿਆਰਪੁਰ, 23 ਅਕਤੂਬਰ 2025: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੱਤਵਪੂਰਨ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਮੀਟਿੰਗ ਹਾਲ ਵਿਚ ਕੀਤੀ ਗਈ। ਮੀਟਿੰਗ ਵਿੱਚ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਐਸ.ਐਮ.ਓ ਅਤੇ ਹੋਰ ਅਧਿਕਾਰੀ/ਕਰਮਚਾਰੀਆਂ ਨੇ ਭਾਗ ਲਿਆ। ਇਸ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਭਵਿੱਖ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੀ ਸ਼ੁਰੂਆਤ ਵਿੱਚ ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਏ.ਡੀ.ਸੀ ਨਿਕਾਸ ਕੁਮਾਰ ਨੇ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸਾਰੇ ਬਲਾਕ ਪੱਧਰਾਂ ‘ਤੇ 100 ਫੀਸਦੀ ਰਜਿਸਟ੍ਰੇਸ਼ਨ ਕੀਤੀ ਜਾਵੇ। ਐਸਐਮਓਜ਼ ਨੂੰ ਹਫਤਾਵਾਰੀ ਸਮੀਖਿਆ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਲਈ ਵਿਸ਼ੇਸ਼ ਦੇਖ-ਭਾਲ ਦੀ ਜ਼ਰੂਰਤ ‘ਤੇ ਜ਼ੋਰ ਦੇਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਜਣੇਪੇ ਸੇਵਾਵਾਂ ਨੂੰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਹੁਕਮ ਦਿੱਤੇ ਗਏ ਸਨ।

ਏ.ਡੀ.ਸੀ ਨੇ ਉਨ੍ਹਾਂ ਬਲਾਕਾਂ ਦੇ ਐਸ.ਐਮ.ਓਜ਼ ਨੂੰ ਵਿਸ਼ੇਸ਼ ਹਦਾਇਕ ਕੀਤੀ ਕਿ ਜਿਥੇ ਲਿੰਗ ਜਾਂਚ ਅਨੁਪਾਤ ਘੱਟ ਹੈ ਉਨ੍ਹਾਂ ਦੇ ਕਾਰਨਾਂ ਦੀ ਜਾਂਚ ਕਰਕੇ ਸੁਧਾਰਾਤਮਕ ਕਦਮ ਚੁੱਕੇ ਜਾਣ। ਟੀਕਾਰਨ 100 ਫੀਸਦੀ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਰਿਕਾਰਡਾਂ ਨੂੰ ਆਨਲਾਈਨ ਅਪਡੇਟ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ ਪਰਿਵਾਰ ਨਿਯੋਜਨ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਵਾਧੂ ਯਤਨ ਕਰਨ ਦੀ ਤਾਕੀਦ ਕੀਤੀ ਗਈ। ਮੀਟਿੰਗ ਵਿਚ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ।
ਨਾਲ ਹੀ ਟੀ.ਬੀ ਕੰਟਰੋਲ ਪ੍ਰੋਗਰਾਮ, ਕੋੜ੍ਹ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ, ਅਤੇ ਆਯੁਸ਼ਮਾਨ ਭਾਰਤ – ਸਿਹਤ ਬੀਮਾ ਯੋਜਨਾ ਆਦਿ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ। ਵਿਭਾਗ ਨੂੰ ਸਾਰੇ ਪ੍ਰੋਗਰਾਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
