ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

0

-ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ

-ਕਿਹਾ, ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ

(Rajinder Kumar) ਪਟਿਆਲਾ, 28 ਅਕਤੂਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਉਨੀ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮਾਂ ਜਾਰੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇੱਕ ਨਵੀਂ ਅਤੇ ਮਹੱਤਵਪੂਰਨ ਪਹਿਲਕਦਮੀ ਤਹਿਤ ਇਸ ਛੇ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਕੁੱਲ 730 ਜਾਂਚ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਅਤੇ ਉੱਨਤ ਤਕਨੀਕਾਂ ਅਪਣਾ ਰਹੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜਦੋਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਸੀ ਤਾਂ ਉਹ ਉਹ ਅਕਸਰ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਹਿਲਾਂ ਸਿਆਸੀ ਦਖਲਅੰਦਾਜ਼ੀ ਵੀ ਕਾਫੀ ਜਿਆਦਾ ਹੁੰਦੀ ਸੀ, ਜਿਸ ਨਾਲ ਤਸਕਰਾਂ ਨੂੰ ਰਿਹਾਅ ਹੋਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਅਜਿਹੀ ਕਿਸੇ ਵੀ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਵੀ ਨੇੜਿਓਂ ਤਾਲਮੇਲ ਰੱਖ ਰਹੀ ਹੈ ਅਤੇ ਆਈਪੀਸੀ ਦੀ ਥਾਂ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਲਾਗੂ ਹੋਣ ਨਾਲ, ਕਈ ਕਾਨੂੰਨੀ ਪ੍ਰਕਿਰਿਆਵਾਂ ਵਿੱਚ ਬਦਲਾਅ ਆਇਆ ਹੈ, ਜਿਸ ਨਾਲ ਇਹ ਸਿਖਲਾਈ ਹੋਰ ਵੀ ਮਹੱਤਵਪੂਰਨ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਬੂਤਾਂ ਦੀ ਸੰਭਾਲ ਅਤੇ ਵਿਕਸਤ ਹੋ ਰਹੇ ਕਾਨੂੰਨੀ ਢਾਂਚੇ ਨਾਲ ਅਪਡੇਟ ਰਹਿਣਾ ਅਧਿਕਾਰੀਆਂ ਦੀਆਂ ਜ਼ਰੂਰੀ ਜ਼ਿੰਮੇਵਾਰੀਆਂ ਹਨ, ਜਿਸ ਲਈ ਉਨ੍ਹਾਂ ਨੂੰ ਉੱਭਰ ਰਹੀਆਂ ਤਕਨੀਕਾਂ ਨਾਲ ਲੈਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਾਂਚ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹਨ, ਪਰ ਕਈ ਵਾਰ ਮੁਲਜ਼ਮ ਕਾਨੂੰਨੀ ਢਿੱਲ ਕਰਕੇ ਸਜ਼ਾ ਤੋਂ ਬਚ ਜਾਂਦੇ ਹਨ ਅਤੇ ਦੋਸ਼ ਪੁਲਿਸ ‘ਤੇ ਆ ਜਾਂਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਅਪਰਾਧੀਆਂ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਵਰਗੇ ਮਹੱਤਵਪੂਰਨ ਮੌਕਿਆਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਪਹਿਲਾਂ ਹੀ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਲਈ ਵੱਡੀ ਲੋਕ ਲਹਿਰ ਖੜ੍ਹੀ ਕਰਨ ਲੋੜ ਹੈ, ਜਿਸ ਲਈ ਨਾਗਰਿਕਾਂ ਨੂੰ ਇਸ ਲੜਾਈ ਵਿੱਚ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਦੇ ਦਿਨ ਤੋਂ ਲੈ ਕੇ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਨੂੰ ਦੇਖਦਿਆਂ ਇਸ ਲਈ ਇੱਕ ਉੱਨਤ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਾਡੀ ਲੜਾਈ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਰੋਜ਼ਗਾਰ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ, ਜਿਸ ਲਈ ਠੋਸ ਯਤਨ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਪਰ ਜੋ ਲੋਕ ਉਸਾਰੂ ਕੰਮਾਂ ਵਿੱਚ ਰੁੱਝੇ ਰਹਿੰਦੇ ਹਨ ਉਹ ਬੁਰੀ ਸੰਗਤ ਵਿੱਚ ਨਹੀਂ ਪੈਂਦੇ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵਰਤੀਆਂ ਜਾਂਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਅੱਜ ਕੈਬਨਿਟ ਵੱਲੋਂ ਇੱਕ ਨਵਾਂ ਕਾਨੂੰਨ ਪਾਸ ਕੀਤਾ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਵਾਲੇ ਜਾਂਚ ਅਧਿਕਾਰੀਆਂ ਨੂੰ ਨਵਾਂ ਅਤੇ ਠੋਸ ਤਜਰਬਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੋਰਸ ਤਹਿਤ ਸੁਪਰਵਾਈਜ਼ਰੀ ਅਤੇ ਜਾਂਚ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਅਧੀਨ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਨਾਲ ਨਜਿੱਠਣ ਲਈ ਪੇਸ਼ੇਵਰ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਸ਼ਾ ਤਸਕਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਸਕਣ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਦੀ ਪ੍ਰਭਾਵਸ਼ਾਲੀ ਜਾਂਚ ਲਈ ਜ਼ਰੂਰੀ ਪ੍ਰਕਿਰਿਆਵਾਂ, ਕਾਨੂੰਨੀ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੁਲਿਸ ਅਧਿਕਾਰੀਆਂ ਦੇ 27 ਬੈਚ ਇਹ ਸਿਖਲਾਈ ਪ੍ਰਾਪਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਨਸ਼ਾ ਤਸਕਰਾਂ ਵਿਰੁੱਧ ਕੇਸ ਤਿਆਰ ਕਰਨ ਅਤੇ ਅਦਾਲਤ ਵਿੱਚ ਮੁਕੱਦਮਾ ਚਲਾਉਣ ਸਬੰਧੀ ਵਿਸ਼ੇਸ਼ ਹੁਨਰ ਪ੍ਰਾਪਤ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਪਰਾਧੀਆਂ ਨੂੰ ਬਣਦੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੇ ਸੇਵਨ ਤੋਂ ਪੀੜਤ ਵਿਅਕਤੀਆਂ ਵਿੱਚ ਵਿਵਹਾਰਕ ਤਬਦੀਲੀਆਂ ਦੀ ਪਛਾਣ ਕਰਨ, ਨਸ਼ਾ ਤਸਕਰਾਂ ਦੀ ਮਾਨਸਿਕਤਾ ਨੂੰ ਸਮਝਣ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਅਪਰਾਧਾਂ ਦੇ ਵੱਖ-ਵੱਖ ਪਹਿਲੂਆਂ ਦਾ ਅਧਿਐਨ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਸਿਖਲਾਈ ਅਧਿਕਾਰੀਆਂ ਨੂੰ ਉੱਨਤ ਪੇਸ਼ੇਵਰ ਹੁਨਰਾਂ ਨਾਲ ਲੈਸ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਮਦਦ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਮੇਤ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ, ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਦੇ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ, ਰਜਿਸਟਰਾਰ ਡਾ ਇਵਨੀਤ ਵਾਲੀਆ, ਟਰੇਨਿੰਗ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਅਭਿਨੰਦਨ ਬਸੀ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed