ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ ; ਜਲੰਧਰ ‘ਚ 4 ਨਵੰਬਰ ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ

0

– ਡਿਪਟੀ ਕਮਿਸਨਰ ਵਲੋਂ ਤਿਆਰੀਆਂ ਦਾ ਜਾਇਜ਼ਾ, ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ

(Rajinder Kumar) ਜਲੰਧਰ, 31 ਅਕਤੂਬਰ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 4 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਿਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਹ ਸ਼ੋਅ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ।

ਡਾ.ਅਗਰਵਾਲ ਵਲੋਂ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਅਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਪੀਣ ਵਾਲੇ ਪਾਣੀ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਸੰਗਤਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ। ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਟੀਮ ਵਲੋਂ ਪੇਸ਼ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ, ਏ.ਡੀ.ਸੀ.ਪੀ. ਟਰੈਫਿਕ ਗੁਰਬਾਜ਼ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਟੀਮ ਵੀ ਮੌਜੂਦ ਸੀ।

About The Author

Leave a Reply

Your email address will not be published. Required fields are marked *

You may have missed