ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ
– ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਆਸ਼ਿਕਾ ਜੈਨ
– ਡਿਪਟੀ ਕਮਿਸ਼ਨਰ ਨੇ ਸਵਾਗਤ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਸਾਰੇ ਵਿਭਾਗਾਂ ਨੂੰ ਦਿੱਤੇ ਸਖ਼ਤ ਨਿਰਦੇਸ਼
(Rajinder Kumar) ਹੁਸ਼ਿਆਰਪੁਰ, 10 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਦਕਿ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਰਹੱਦ ਵਿੱਚ ਦਾਖ਼ਲ ਹੋਵੇਗਾ। ਇਹ ਮੁਕੇਰੀਆਂ ਅਤੇ ਦਸੂਹਾ ਮਾਰਗ ਤੋਂ ਹੁੰਦੇ ਹੋਏ ਗੁਰਦੁਆਰਾ ਖੇੜਾ ਪਹੁੰਚੇਗਾ। ਇਥੇ ਇਸ ਦਾ ਰਾਤ ਰੁਕਣ ਦਾ ਪ੍ਰੋਗਰਾਮ ਹੈ। ਅਗਲੇ ਦਿਨ 22 ਨਵੰਬਰ ਨੂੰ ਨਗਰ ਕੀਰਤਨ ਭੂੰਗਾ ਅਤੇ ਹਰਿਆਣਾ ਤੋਂ ਹੋ ਕੇ ਹੁਸ਼ਿਆਰਪੁਰ ਸ਼ਹਿਰ ਪਹੁੰਚੇਗਾ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਨੂੰ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਨਗਰ ਕੀਰਤਨ ਚੱਬੇਵਾਲ, ਮਾਹਿਲਪੁਰ, ਸੈਲਾ ਖੁਰਦ ਅਤੇ ਗੜ੍ਹਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਕੀਰਤਨ ਦੇ ਪੂਰੇ ਮਾਰਗ ‘ਤੇ ਸਫਾਈ ਵਿਵਸਕਾ, ਲੰਗਰ ਸੇਵਾ, ਪੀਣ ਵਾਲੇ ਪਾਣੀ, ਫੁੱਲਾਂ ਦੀ ਵਰਖਾ ਅਤੇ ਹੋਰ ਸਹੂਲਤਾਂ ਦੀਆਂ ਸਮੂਚੀਆਂ ਤਿਆਰੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਨਗਰ ਕੌਂਸਲਾਂ, ਗੁਰੂਦੁਆਰਾ ਪ੍ਰਬੰਧਕ ਕਮੇਟੀਆਂ, ਮਾਰਕੀਟ ਐਸੋਸੀਏਸ਼ਨਾਂ, ਸਰਪੰਚਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨਾਲ ਤਾਲਮੇਲ ਮੀਟਿੰਗਾਂ ਦਾ ਆਯੋਜਨ ਕਰਕੇ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਕਰਨ।
ਇਸ ਮੌਕੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਦੀ ਵਿਸਥਾਰਪੂਰਵਕ ਸਮੀਖਿਆ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਮੇਜਰ ਸਿੰਘ, ਐਸ.ਪੀ ਮਨਪ੍ਰੀਤ ਸ਼ੀਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਸ਼ ਮਹੇਂਦਰ, ਐਸ.ਡੀ.ਐਮ ਸੰਜੀਵ ਕੁਮਾਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
