ਦਿੱਲੀ ਧਮਾਕੇ ਦੀ ਘਟਨਾ ‘ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡੂੰਘਾ ਦੁੱਖ ਪ੍ਰਗਟ ਕੀਤਾ
-ਕਿਹਾ, ਪੰਜਾਬ ਦੇ ਲੋਕ ਦਿੱਲੀ ਵਾਸੀਆਂ ਦੇ ਨਾਲ ਖੜ੍ਹੇ ਹਨ
-ਲੋਕਾਂ ਨੂੰ ਸ਼ਾਂਤੀ ਤੇ ਚੌਕਸੀ ਬਣਾਈ ਰੱਖਣ ਦੀ ਕੀਤੀ ਅਪੀਲ
(Rajinder Kumar) ਹੁਸ਼ਿਆਰਪੁਰ, 11 ਨਵੰਬਰ 2025: ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਦਿੱਲੀ ਵਿੱਚ ਹੋਏ ਧਮਾਕੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਨੂੰ ਮਨੁੱਖੀ ਦੁਖਾਂਤ ਕਿਹਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੇ ਲੋਕ ਇਸ ਮੁਸ਼ਕਿਲ ਸਮੇਂ ਵਿੱਚ ਦਿੱਲੀ ਦੇ ਲੋਕਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਨ।
ਵਿਧਾਇਕ ਜਿੰਪਾ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਮਾਸੂਮ ਨਾਗਰਿਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਸਾਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸੰਜਮ ਅਤੇ ਸ਼ਾਂਤੀ ਬਣਾਈ ਰੱਖਣ ਦੀ ਲੋੜ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਹਾਈ ਅਲਰਟ ‘ਤੇ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਕੋਈ ਸ਼ੱਕੀ ਵਸਤੂ ਜਾਂ ਗਤੀਵਿਧੀ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕਰਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਅਜਿਹੀਆਂ ਘਟਨਾਵਾਂ ਸਾਡੇ ਸਮੂਹਿਕ ਸੁਰੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਨੂੰ ਦਰਸਾਉਂਦੀਆਂ ਹਨ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸ਼ਾਂਤੀ, ਏਕਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
