ਮਾਨਸਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 21 ਨਵੰਬਰ ਨੂੰ ਰਵਾਨਾ ਹੋਣਗੀਆਂ ਬੱਸਾਂ
– ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ
– ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਕਰਵਾਏ ਜਾਣਗੇ ਦਰਸ਼ਨ
(Rajinder Kumar) ਮਾਨਸਾ, 18 ਨਵੰਬਰ 2025: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 21 ਨਵੰਬਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਅੱਜ ਅਗਾਮੀ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਅਤੇ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਸੂਬਾ ਸਰਕਾਰ ਵਲੋਂ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਕੀਤਾ ਗਿਆ ਹੈ।
ਓਨ੍ਹਾਂ ਸ਼ਹਿਰਾਂ ਵਿੱਚ ਕਾਰਜਸਾਧਕ ਅਫ਼ਸਰਾਂ ਅਤੇ ਪਿੰਡਾਂ ਵਿਚ ਬੀਡੀਪੀਓਜ਼ ਨੂੰ ਸਕੀਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਐੱਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐੱਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤਪਾਲ ਸਿੰਘ ਚਹਿਲ, ਐੱਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
