ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20 ਨਵੰਬਰ ਨੂੰ
– ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਤਿਆਰੀਆਂ ਦਾ ਲਿਆ ਜਾਇਜ਼ਾ
– ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ‘ਤੇ ਹੋਣਗੇ ਸ਼ਾਮਲ
– ਸ਼ੋਅ ਲਈ ਸੰਗਤ ਨੂੰ ਕਿਸੇ ਪਾਸ ਦੀ ਨਹੀਂ ਜ਼ਰੂਰਤ, ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ
(Rajinder Kumar) ਮਾਨਸਾ, 18 ਨਵੰਬਰ 2025: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅੱਜ ਇਥੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸ਼ੋਅ 20 ਨਵੰਬਰ ਸ਼ਾਮ 6 ਵਜੇ ਤੋਂ 8 ਵਜੇ ਤਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸ਼ਹਾਦਤ ਨੂੰ ਦਰਸਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਇਹ ਸ਼ੋਅ ਉਲੀਕੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜਥੇ ਵੱਲੋਂ ਵਾਰ ਗਾਇਨ ਨਾਲ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਸੰਗਤ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸੰਗਤ ਦੀ ਐਂਟਰੀ ਸ਼ਾਮ 5:30 ਵਜੇ ਸ਼ੁਰੂ ਹੋ ਜਾਵੇਗੀ ਅਤੇ ਸੰਗਤ ਲਈ ਪਾਸ ਦੀ ਲੋੜ ਨਹੀਂ ਹੈ।
ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅੱਜ ਪਬਲਿਕ ਲਈ ਪਾਰਕਿੰਗ, ਸੁਰੱਖਿਆ-ਵਿਵਸਥਾ ਆਦਿ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ, ਐੱਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐੱਸ.ਡੀ. ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐੱਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
