ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਜੀ.ਓ.ਜੀਜ਼ ਨੂੰ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਲਈ ਕਮਰ ਕਸਣ ਲਈ ਕਿਹਾ

0

ਜਲੰਧਰ, 6 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ.ਐਸ. ਸ਼ੇਰਗਿੱਲ ਨੇ ਅੱਜ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀਜ਼) ਨੂੰ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਲਈ ਕਮਰ ਕਸਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਸਮੁੱਚੀ ਪ੍ਰਕਿਰਿਆ ਦੌਰਾਨ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜੀ.ਓ.ਜੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਨੀਅਰ ਸਲਾਹਕਾਰ, ਜਿਨ੍ਹਾਂ ਨਾਲ ਉਨ੍ਹਾਂ ਦੇ ਓ.ਐਸ.ਡੀ. ਸ੍ਰੀ ਕਰਨਵੀਰ ਸਿੰਘ, ਜੀ.ਓ.ਜੀਜ਼ ਦੇ ਜ਼ਿਲ੍ਹਾ ਮੁਖੀ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਮਨੁੱਖੀ ਜੀਵਨ ਲਈ ਇੱਕ ਵੱਡਾ ਖਤਰਾ ਬਣਦੀ ਜਾ ਰਹੀ ਹੈ, ਇਸ ਲਈ ਖਰੀਦ ਪ੍ਰਕਿਰਿਆ ਦੌਰਾਨ ਮੈਡੀਕਲ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

ਲੈਫਟੀਨੈਂਟ ਜਨਰਲ (ਸੇਵਾਮੁਕਤ) ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਅਨਾਜ ਮੰਡੀਆਂ ਵਿੱਚ ਸਰਕਾਰ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਜੀ.ਓ.ਜੀਜ਼ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਦੀ ਚੌਕਸ ਨਜ਼ਰ ਸਦਕਾ ਪਹਿਲਾਂ ਵੀ ਚੰਗੇ ਨਤੀਜੇ ਦੇਖਣ ਨੂੰ ਮਿਲੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਅਨਾਜ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ।

ਜੀ.ਓ.ਜੀ. ਸਕੀਮ ਨੂੰ ਸੂਬੇ ਵਿੱਚ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਸਰਕਾਰੀ ਸਕੀਮਾਂ ਦੇ ਸਬੰਧ ਵਿੱਚ ਜੀ.ਓ.ਜੀ. ਵੱਲੋਂ ਸਹੀ, ਨਿਰਪੱਖ ਅਤੇ ਤੱਥਾਂ ‘ਤੇ ਆਧਾਰਿਤ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾ ਰਹੀਆਂ ਹਨ । ਲੈਫਟੀਨੈਂਟ ਜਨਰਲ (ਸੇਵਾਮੁਕਤ) ਸ਼ੇਰਗਿੱਲ ਨੇ ਕਿਹਾ ਕਿ ਜੀ.ਓ.ਜੀ. ਵੱਲੋਂ ਸੂਬਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਸਬੰਧੀ ਪਿੰਡ ਪੱਧਰ ‘ਤੇ ਲੋਕਾਂ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ।

ਜੀ.ਓ.ਜੀਜ਼ ਨੂੰ ਸੂਬਾ ਸਰਕਾਰ ਦੀਆਂ ਅੱਖਾਂ ਅਤੇ ਕੰਨ ਦੱਸਦਿਆਂ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਲੈਫਟੀਨੈਂਟ ਜਨਰਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਬੇਮਿਸਾਲ ਯੋਜਨਾ ਦੀ ਸ਼ੁਰੂਆਤ ਕਰ ਕੇ ਹਰੇਕ ਸਾਬਕਾ ਫੌਜੀ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਸ ਸਕੀਮ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਉਨ੍ਹਾਂ ਸਾਰਿਆਂ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ ।

ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ਼ੇਰਗਿੱਲ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜੀ.ਓ.ਜੀਜ਼ ਵੱਲੋਂ ਪੇਸ਼ ਕੀਤੇ ਗਏ ਫੀਡਬੈਕ ‘ਤੇ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂੰ ਕਰਵਾਇਆ।

About The Author

Leave a Reply

Your email address will not be published. Required fields are marked *