ਕੋਵਿਡ ਮਾਮਲੇ ਘੱਟ ਜ਼ਰੂਰ ਪਰ ਸਾਵਧਨੀਆਂ ਦੀ ਪਾਲਣਾ ਜ਼ਰੂਰੀ ਵਧੀਕ ਡਿਪਟੀ ਕਮਿਸ਼ਨਰ
ਸੰਗਰੂਰ, 8 ਸਤੰਬਰ 2021 : ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਕੋਵਿਡ -19 ਦੇ ਮਾਮਲੇ ਘੱਟ ਜ਼ਰੂਰ ਰਹੇ ਹਨ ਪਰ ਕੋਵਿਡ ਸਬੰਧੀ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਵਿਡ ਦੀ ਸੰਂਭਾਵੀ ਤੀਜੀ ਲਹਿਰ ਤੋਂ ਸੁਰੱਖਿਅਤ ਰਿਹਾ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਹਫ਼ਤਾਵਰੀ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ ਦਾ ਕੰਮ ਬਹੁਤ ਵਧੀਆ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ. ਤੇ ਹੋਰ ਜਨਤਕ ਥਾਵਾਂ ’ਤੇ ਕੋਵਿਡ ਟੀਕਾਕਰਨ ਚੱਲ ਰਿਹਾ ਹੈ ਤੇ ਇਸ ਦੇ ਨਾਲ ਹੀ ਹੁਣ ਹਰ ਹਫ਼ਤੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਆਡੀਟੋਰੀਅਮ ਹਾਲ ਵਿਖੇ ਵੀ ਕੋਵਿਡ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ ਲਗਵਾ ਲਈ ਹੈ ਉਹ ਸਮਾਂ ਆਉਣ ’ਤੇ ਦੂਜੀ ਡੋਜ਼ ਜ਼ਰੂਰ ਲਗਾਉਣ ਤਾਂ ਜੋ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਹੋ ਸਕੇ ਤੇ ਉਹ ਕੋਵਿਡ 19 ਦੀ ਬਿਮਾਰੀ ਤੋਂ ਸੁਰੱਖਿਅਤ ਹੋ ਸਕਣ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਾਮਲੇ ਘੱਟ ਜ਼ਰੂਰ ਹੋਏ ਹਨ ਪਰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਘਰੋਂ ਬਾਹਰ ਜਾਣ ਸਮੇਂ ਮਾਸਕ ਪਾ ਕੇ ਰੱਖਣਾ, ਘੱਟੋ ਘੱਟ ਦੋ ਗਜ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਸਾਬਣ ਤੇ ਸਾਫ਼ ਪਾਣੀ ਨਾਲ ਵਾਰ-ਵਾਰ ਹੱਥ ਧੋਣੇ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨੇ ਜ਼ਰੂਰੀ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 6 ਲੱਖ 69 ਹਜ਼ਾਰ 585 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 6 ਲੱਖ 53 ਹਜ਼ਾਰ 859 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 14 ਹਜ਼ਾਰ 844 ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਤਸਵੀਰ:
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਹਫ਼ਤਾਵਾਰੀ ਫੇਸਬੁੱਕ ਲਾਈਵ ਦੌਰਾਨ ਜਾਣਕਾਰੀ ਦਿੰਦੇ ਹੋਏ।