ਮੁੱਖ ਮੰਤਰੀ 13 ਨੂੰ ਰੱਖਣਗੇ ਸਰਕਾਰੀ ਕਾਲਜ ਮੁਖਲਿਆਣਾ ਦਾ ਨੀਂਹ ਪੱਥਰ
ਹੁਸ਼ਿਆਰਪੁਰ, 11 ਸਤੰਬਰ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਨੂੰ ਲੈ ਕੇ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਸਤੰਬਰ ਨੂੰ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਚ ਬਣ ਰਹੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ। ਇਸ ਲਈ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਲੈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਅਮਨੀਤ ਕੌਂਡਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਉਨ੍ਹਾਂ ਵਲੋਂ ਕਰਜ਼ਾ ਰਾਹਤ ਯੋਜਨਾ ਦੇ ਚੈਕ ਵੀ ਲਾਭਪਾਤਰੀ ਕਿਸਾਨਾਂ ਨੂੰ ਵੰਡੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਸ ਦੌਰਾਨ ਸੁਰੱਖਿਆ, ਸਫ਼ਾਈ ਵਿਵਸਥਾ, ਸਿਹਤ, ਬਿਜਲੀ, ਸਟੇਜ ਪ੍ਰਬੰਧ, ਮੀਡੀਆ, ਟਰੈਫਿਕ ਆਦਿ ਤੋਂ ਇਲਾਵਾ ਹੋਰ ਪ੍ਰਬੰਧਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਐਸ.ਐਸ.ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਸੁਰੱਖਿਆ ਦੇ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟਰੈਫਿਕ ਦੇ ਵੀ ਸੁਚਾਰੂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਸਾਰੇ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸੰਪਨ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਆਰ.ਪੀ.ਐਸ. ਸੰਧੂ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬਲ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।