ਡੇਂਗੂ ਸਰਵੀਲੈਂਸ ਟੀਮ ਨੇ ਘਰਾਂ ਦੇ ਨਾਲ-ਨਾਲ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੇ ਤਹਿਸੀਲ ਕੰਪਲੈਕਸ ਦਾ ਕੀਤਾ ਨਿਰੀਖਣ

ਹੁਸ਼ਿਆਰਪੁਰ, 16 ਸਤੰਬਰ 2021 : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਸਿਹਤ, ਸਥਾਨਕ ਸਰਕਾਰਾਂ ਵਿਭਾਗ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਇਆ ਜਾ ਸਕੇ। ਇਸੇ ਕੜੀ ਵਿਚ ਅੱਜ ਡੇਂਗੂ ਸਰਵੀਲੈਂਸ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਦਫ਼ਤਰਾਂ ਵਿਚ ਡੇਂਗੂ ਦਾ ਲਾਰਵਾ ਪਾਇਆ ਗਿਆ ਤਾਂ ਉਸ ਲਈ ਦਫ਼ਤਰ ਦਾ ਮੁਖੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਵਿਚ ਘਰਾਂ ਵਿਚ ਲਾਰਵਾ ਪਾਏ ਜਾਣ ’ਤੇ 60 ਚਲਾਨ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਸਰਵੀਲੈਂਸ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰੀ, ਦਸੂਹਾ ਸ਼ਹਿਰੀ, ਚੱਕੋਵਾਲ ਤੇ ਹਾਰਟਾ ਬੱਡਲਾ ਦੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਸਰਵੇ ਕੀਤਾ ਗਿਆ ਹੈ। ਇਸ ਦੌਰਾਨ ਟੀਮ ਨੇ ਹੁਣ ਤੱਕ ਕੁੱਲ 227652 ਘਰਾਂ ਅਤੇ 1532679 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 12149 ਘਰਾਂ ਅਤੇ 16743 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰੀ ਖੇਤਰ ਵਿਚ ਕੁੱਲ 173710 ਘਰਾਂ ਅਤੇ 1201835 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 10098 ਘਰਾਂ ਵਿਚ ਅਤੇ 14576 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਦਸੂਹਾ ਸ਼ਹਿਰੀ ਵਿਚ 21617 ਘਰਾਂ ਅਤੇ 176933 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 580 ਘਰਾਂ ਵਿਚ ਅਤੇ 581 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਇਸ ਤਰ੍ਹਾਂ ਚੱਕੋਵਾਲ ਵਿਚ 21328 ਘਰਾਂ ਅਤੇ 111109 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 1130 ਘਰਾਂ ਅਤੇ 1238 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਹਾਰਟਾ ਬੱਡਲਾ ਵਿਚ ਕੁੱਲ 10997 ਘਰਾਂ ਅਤੇ 42802 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 341 ਘਰਾਂ ਅਤੇ 348 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਡੇਂਗੂ ਨਾਲ ਨਿਪਟਣ ਲਈ ਹਰ ਵਿਅਕਤੀ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕਤਾ ਨਾਲ ਹੀ ਇਸ ਬੀਮਾਰੀ ਦੀ ਦਸਤਕ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਹੁਸ਼ਿਆਰਪੁਰ ਤੋਂ ਇਲਾਵਾ ਗੜ੍ਹਸ਼ੰਕਰ, ਮਾਹਿਲਪੁਰ, ਟਾਂਡਾ, ਗੜ੍ਹਦੀਵਾਲਾ, ਹਰਿਆਣਾ, ਸ਼ਾਮਚੁਰਾਸੀ, ਤਲਵਾੜਾ, ਦਸੂਹਾ, ਮੁਕੇਰੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਫੌਗਿੰਗ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਕੇਵਲ ਸਰਕਾਰ ਦੇ ਯਤਨਾਂ ਨਾਲ ਹੀ ਬਲਕਿ ਹਰ ਜ਼ਿਲ੍ਹਾ ਨਿਵਾਸੀ ਦੇ ਸਹਿਯੋਗ ਨਾਲ ਹੀ ਕੀਤੀ ਜਾ ਸਕਦੀ ਹੈ, ਜਿਸ ਲਈ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਘਰ ਅਤੇ ਆਸ-ਪਾਸ ਨੂੰ ਸਾਫ਼ ਰੱਖਣ। ਉਨ੍ਹਾਂ ਦੱਸਿਆ ਕਿ ਡੇਂਗੂ ਨਾਲ ਪੀੜਤ ਮਰੀਜਾਂ ਲਈ ਸਿਵਲ ਹਸਪਤਾਲ ਵਿਚ ਵੱਖ-ਵੱਖ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ, ਨਗਰ ਕੌਂਸਲਾਂ ਦੀਆਂ ਟੀਮਾਂ ਦੁਆਰਾ ਵੱਡੇ ਪੱਧਰ ’ਤੇ ਫੌਗਿੰਗ, ਘਰਾਂ ਦੀ ਚੈਕਿੰਗ ਕਰਕੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਦੇ ਲਾਰਵੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਛੱਪੜਾਂ ਜਾਂ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਸਮੇਂ ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀ ਕਰੀਮ ਜਾਂ ਤੇਲ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਕੰਬਣੀ ਦੇ ਨਾਲ ਤੇਜ਼ ਬੁਖਾਰ, ਤੇਜ ਸਿਰ ਦਰਦ ਜਾਂ ਜੋੜਾਂ ਵਿਚ ਦਰਦ ਆਦਿ ਹੋਵੇ ਤਾਂ ਨਜਦੀਕੀ ਸਿਹਤ ਕੇਂਦਰ ਵਿਚ ਤੁਰੰਤ ਸੰਪਰਕ ਕੀਤਾ ਜਾਵੇ।