ਅਬੋਹਰ ਵਿਖੇ ਲੱਗਿਆ ਰੋਜ਼ਗਾਰ ਮੇਲਾ, 2445 ਨੂੰ ਮਿਲਿਆ ਰੋਜ਼ਗਾਰ
ਫਾਜ਼ਿਲਕਾ/ਅਬੋਹਰ, 16 ਸਤੰਬਰ 2021 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਵਿੱਚ ਫਾਜ਼ਿਲਕਾ ਜ਼ਿਲ੍ਹੇ ਦਾ ਟੀਚਾ ਮੈਗਾ ਰੋਜ਼ਗਾਰ ਮੇਲਾ ਵੀਰਵਾਰ ਨੂੰ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਲਗਾਇਆ ਗਿਆ। ਇਸ ਮੇਲੇ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆਂ ਵਲੋਂ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋਂ ਮੈਗਾ ਰੋਜ਼ਗਾਰ ਮੇਲਿਆਂ ਦੇ ਨਾਲ-ਨਾਲ ਛੋਟੇ ਪਲੇਸਮੈਂਟ ਕੈਂਪ ਵੀ ਲਗਾਏ ਜਾਂਦੇ ਹਨ ਜਿੱਥੇ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬੇਰੋਜ਼ਗਾਰ ਨੌਜਵਾਨ ਉਨ੍ਹਾਂ ਦੇ ਵਿਭਾਗ ਕੋਲ ਆਪਣੀ ਰਜਿਸ਼ਟੇਰਸ਼ਨ ਕਰਵਾਉਣ। ਉਨ੍ਹਾਂ ਦੱਸਿਆ ਕਿ ਅੱਜ 2445 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ ਹੈ।
ਪਲੇਸਮੈਂਟ ਅਫਸਰ ਗੋਰਵ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਲੋਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਇਸ ਲਈ ਸਵੈ ਰੋਜ਼ਗਾਰ ਨਾਲ ਜੁੜਨ ਦੇ ਇਛੁੱਕ ਨੌਜਵਾਨ ਵੀ ਉਨ੍ਹਾਂ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ ਜਿਥੇ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਲੋਨ ਦਵਾਉਣ, ਕਿੱਤਾ ਸਿਖਲਾਈ ਦੇਣ ਅਤੇ ਹੋਰ ਹਰ ਪ੍ਰਕਾਰ ਦੀ ਸੇਧ ਦਿੱਤੀ ਜਾਂਦੀ ਹੈ।