ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਫਤਿਹਗੜ੍ਹ ਸਾਹਿਬ, 16 ਸਤੰਬਰ 2021 : 07ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਮਾਤਾ ਗੁਜਰੀ ਕਾਲਜ ਵਿਖੇ ਲਾਏ ਮੇਲੇ ਦੌਰਾਨ ਵੱਖ ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ਵਿੱਚ ਪੁੱਜੇ 2009 ਨੌਜਵਾਨਾਂ ਵਿੱਚੋਂ 1329 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੇਲੇ ਦਾ ਜਾਇਜਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਰੋਜ਼ਗਾਰ ਪ੍ਰਾਪਤੀ ਲਈ ਪੁੱਜੇ ਨੌਜਵਾਨਾਂ ਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।
ਉਹਨਾਂ ਦੱਸਿਆ ਕਿ ਇਸ ਮੇਲੇ ਸਬੰਧੀ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਕਈ ਵੱਡੀਆਂ ਨਾਮੀ ਕੰਪਨੀਆਂ ਸਮੇਤ ਲੋਕਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦੀ ਚੋਣ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 09 ਸਤੰਬਰ ਤੋਂ 17 ਸਤੰਬਰ 2021 ਦੌਰਾਨ ਪੰਜਾਬ ਭਰ ਵਿੱਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ 17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਵੀ ਮੇਲਾ ਲਾਇਆ ਜਾ ਰਿਹਾ ਹੈ।
ਇਨ੍ਹਾਂ ਮੇਲਿਆਂ ਵਿਚ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਸ਼ਾਮਿਲ ਹੋ ਰਹੀਆਂ ਹਨ, ਜਿਨ੍ਹਾਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਮੇਲਿਆਂ ਵਿੱਚ ਸ਼ਾਮਲ ਹੋ ਰਹੀਆਂ ਕੰਪਨੀਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇ।
ਮੇਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕੇ ਪ੍ਰਾਰਥੀ ਖੁਦ PGRKAM ਪੋਰਟਲ ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ‘ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।
ਮੇਲੇ ਦੌਰਾਨ ਰੋਜ਼ਾਗਰ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਹਨਾਂ ਦੀ ਬਹੁਤ ਮਦਦ ਕੀਤੀ ਗਈ ਤੇ ਨੌਕਰੀ ਸਬੰਧੀ ਪ੍ਰਕਿਰਿਆ ਵਿੱਚ ਉਹਨਾਂ ਕੋਈ ਦਿੱਕਤ ਨਹੀਂ ਆਈ। ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਨੂੰ ਆਪਣੇ ਪੈਰਾਂ ‘ਤੇ ਖੜੇ ਹੋਣ ਦਾ ਮੌਕਾ ਮਿਲ ਗਿਆ ਹੈ ਤੇ ਹੁਣ ਉਹਨਾਂ ਜ਼ਿੰਦਗੀ ਦੀਆਂ ਵੱਡੀਆਂ ਦਿਕਤਾਂ ਦੂਰ ਹੋ ਜਾਣਗੀਆਂ।