ਫਾਜ਼ਿਲਕਾ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦਾ ਕੋਈ ਹਮਲਾ ਨਹੀਂ : ਮੁੱਖ ਖੇਤੀਬਾੜੀ ਅਫ਼ਸਰ
ਫਾਜ਼ਿਲਕਾ 24 ਸਤੰਬਰ 2021 : ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਹਰਦੇਵ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਰਮੇ ਵਾਲੇ ਪਿੰਡਾਂ ਵਿੱਚ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਇੰਸਦਾਨ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਵੇਖਣ ਦੌਰਾਨ ਹਾਲੇ ਤੱਕ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ ਹੈ।
ਖੇਤੀਬਾੜੀ ਅਫਸਰ ਅਤੇ ਕਾਟਨ ਦੇ ਨੋਡਲ ਅਫਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਬਹੁਤ ਚੰਗੀ ਹਾਲਤ ਵਿੱਚ ਹੈ ਅਤੇ ਫਿਲਹਾਲ ਗੁਲਾਬੀ ਸੰੁਡੀ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਹਰ ਰੋਜ਼ ਆਪਣੇ ਖੇਤਾਂ ਦਾ ਸਵੇਰ ਸਮੇਂ ਸਰਵੇਖਣ ਕਰਦੇ ਰਹਿਣ, ਜੇਕਰ ਕਿਸੇ ਵੀ ਕਿਸਾਨ ਨੂੰ ਆਪਣੇ ਖੇਤ ਵਿਚ ਗੁਲਾਬੀ ਸੰੁਡੀ ਦਾ ਹਮਲਾ ਦਿਖਾਈ ਦੇਵੇ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾਵੇ।