ਮੀਂਹ ਦੇ ਬਾਵਜੂਦ 01 ਦਿਨ ‘ਚ 10 ਹਜ਼ਾਰ ਤੋਂ ਵੱਧ ਲੋਕਾਂ ਦਾ ਟੀਕਾਕਰਨ
ਫਤਹਿਗੜ੍ਹ ਸਾਹਿਬ, 23 ਸਤੰਬਰ 2021 : ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਮੀਂਹ ਦੇ ਬਾਵਜੂਦ ਜ਼ਿਲ੍ਹੇ ਵਿੱਚ 01 ਦਿਨ ਵਿਚ 10 ਹਜ਼ਾਰ ਤੋਂ ਵੱਧ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਵਿੱਚ ਪੰਚਾਇਤਾਂ ਅਤੇ ਸ਼ਹਿਰਾਂ ਵਿੱਚ ਮਿਉਂਸਪਲ ਕੌਂਸਲਰਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਕੇ ਟੀਕਾਕਰਨ ਕੈਂਪਾਂ ਵਿੱਚ ਲਿਆਂਦਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਨਾਲ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਣਾ ਹੈ, ਜਿਸ ਮੌਕੇ ਕੋਰੋਨੇ ਦਾ ਖਤਰਾ ਹੋਰ ਵੀ ਜਿਆਦਾ ਵਧਣ ਦੀ ਸੰਭਾਵਨਾ ਹੋ ਜਾਂਦੀ ਹੈ। ਇਸ ਲਈ ਜਿੰਨੀ ਜਲਦੀ ਹੋ ਸਕੇ ਜਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਨੂੰ 100 ਫੀਸਦੀ ਟੀਕਾਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਿੰਡਾਂ ਵਿੱਚ ਟੀਕਾਕਰਨ ਤੋਂ ਰਹਿੰਦੇ ਵਿਅਕਤੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਕੈਂਪਾਂ ਵਿੱਚ ਲਿਜਾ ਕੇ ਟੀਕੇ ਲਗਵਾਉਣੇ ਯਕੀਨੀ ਬਣਾਉਣ।
ਕਾਰਜ ਸਾਧਕ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਹਰੇਕ ਵਾਰਡ ਦੇ ਮਿਉਂਸਪਲ ਕੌਂਸਲਰ ਨੂੰ ਮਿਲ ਕੇ ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਂਝੀਆਂ ਥਾਵਾਂ ਤੇ ਟੀਕਾਕਰਨ ਸਬੰਧੀ ਫਲੈਕਸ ਲਗਵਾਉਣ ਦੇ ਨਾਲ ਨਾਲ ਧਾਰਮਿਕ ਸਥਾਨਾਂ ਤੋਂ ਅਨਾਉਂਸਮੈਟ ਕਰਵਾ ਕੇ ਕੈਂਪਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹੇ।