ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਮੁਫ਼ਤ ਕਾਨੂੰਨੀ ਜਾਗਰੂਕਤਾ ਲਗਾਉਣ ਲਈ ਅਹਿਮ ਮੀਟਿੰਗ
ਸੰਗਰੂਰ, 29 ਸਤੰਬਰ 2021: ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਮਿਤੀ 2 ਅਕਤੂਬਰ ਤੋਂ ਸੰਗਰੂਰ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਜਾਗਰੂਕਤਾ ਕੈਪਾਂ ਨੂੰ ਸੁਚਾਰੂ ਰੂਪ ਵਿੱਚ ਕਰਾਉਣ ਲਈ ਸ਼੍ਰੀਮਤੀ ਦਿਪਤੀ ਗੋਇਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਨੇ ਜਿਲ੍ਹਾ ਸੰਗਰੂਰ ਦੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਮਿਤੀ 2 ਅਕਤੂਬਰ ਤੋਂ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਲਈ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੇ ਦਸਿਆ ਕਿ ਇਸ ਸਬੰਧ ਵਿੱਚ ਵੱਖ ਵੱਖ ਪਿੰਡਾਂ ਵਿੱਚ ਸਬੰਧਤ ਪੰਚਾਇਤ ਅਫਸਰਾਂ ਦੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਪਿੰਡ ਦੇ ਵਿੱਚ ਜਾਗਰੂਕਤਾ ਸੈਮੀਨਾਰ ਲਗਾਉਣ ਸਮੇ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਸਬੰਧੀ ਅੱਗੇ ਜਾਣਕਾਰੀ ਦਿੰਦੇ ਹੋਏ ਮਾਨਯੋਗ ਜੱਜ਼ ਸਾਹਿਬਾ ਨੇ ਦਸਿਆ ਕਿ ਇਸ ਸਬੰਧ ਵਿੱਚ ਪੈਰਾ ਲੀਗਲ ਵੰਲਅਟੀਅਰਾਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨਗੀਆਂ।