ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ: ਅਰੁਨਾ ਚੌਧਰੀ

0

ਚੰਡੀਗੜ੍ਹ, 30 ਸਤੰਬਰ 2021 :  ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਅੰਤਮ ਛੋਹਾਂ ਦੇਣ ਦੀ ਹਦਾਇਤ ਕੀਤੀ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਲਈ ਸਾਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਅਤੇ ਅਗਲੇ ਕੁੱਝ ਮਹੀਨਿਆਂ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਪਵੇਗਾ।

ਕੈਬਨਿਟ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਰਵਨੀਤ ਕੌਰ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਸ੍ਰੀਮਤੀ ਬਬੀਤਾ, ਵਧੀਕ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਪ੍ਰਾਜੈਕਟ ਮੈਨੇਜਰ ਸ੍ਰੀਮਤੀ ਸੁਨੀਤਾ ਠਾਕੁਰ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਪਟਵਾਰੀਆਂ ਦੀਆਂ ਹੋਰ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਅਰੰਭੀ ਜਾਵੇ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਰੋਕਣ ਲਈ ਪਟਵਾਰੀਆਂ ਦਾ ਦਫ਼ਤਰਾਂ ਵਿੱਚ ਮਿਲਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਲਈ ਬਣਾਏ ਗਏ ਵਰਕ ਸਟੇਸ਼ਨਾਂ ਨੂੰ ਪਟਵਾਰੀਆਂ ਦੀ ਮੰਗ ਮੁਤਾਬਕ ਮੁੜ-ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਕਮੇਟੀਆਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਅਮਲ ਕੀਤਾ ਜਾਵੇ।

ਮੰਤਰੀ ਨੇ ਜ਼ਮੀਨਾਂ ਦੇ ਇੰਤਕਾਲ ਦੇ ਮਾਮਲੇ ਵੱਡੀ ਪੱਧਰ ‘ਤੇ ਲੰਬਤ ਪਏ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਉਚੇਚੇ ਤੌਰ ‘ਤੇ ਕਿਹਾ ਕਿ ਕੰਪਿਊਟਰ ਤਕਨੀਕ ਦੀ ਵਰਤੋਂ ਕਰਦਿਆਂ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ ਤਾਂ ਜੋ ਦਸਤੀ ਜ਼ਮੀਨੀ ਇੰਤਕਾਲ ਕਰਨ ਦੇ ਕੰਮ ਦੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੰਬਤ ਮਾਮਲਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੰਪਿਊਟਰੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਫ਼ੀਲਡ ਸਟਾਫ਼ ਨੂੰ ਹੇਠਲੇ ਪੱਧਰ ਤੱਕ ਕੰਪਿਊਟਰ ਮੁਹੱਈਆ ਕਰਾਉਣ ਲਈ ਚਾਰਾਜੋਈ ਕੀਤੀ ਜਾਵੇ।

ਸੂਬਾ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਇਮਦਾਦ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਛੇਤੀ ਹੀ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਲਈ ਵਿੱਤੀ ਇਮਦਾਦ ਮੁਹੱਈਆ ਕਰਾਉਣ ਅਤੇ ਸਰਕਾਰੀ ਨੌਕਰੀ ਦੇਣ ਦੇ ਮਾਮਲਿਆਂ ਨੂੰ ਤੁਰੰਤ ਤਸਦੀਕ ਕਰਵਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਲੰਬਤ ਮਾਮਲਿਆਂ ਵੱਲ ਉਚੇਚਾ ਧਿਆਨ ਦੇ ਕੇ ਇਨ੍ਹਾਂ ਦਾ ਨਿਬੇੜਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕੁਦਰਤੀ ਆਫ਼ਤ ਦੇ ਸਨਮੁੱਖ ਫ਼ਸਲਾਂ ਖ਼ਰਾਬ ਹੋਣ ਦੀਆਂ ਜ਼ਿਲ੍ਹਾ ਪੱਧਰ ‘ਤੇ ਦੇਰੀ ਨਾਲ ਆਉਂਦੀਆਂ ਰਿਪੋਰਟਾਂ ਲਈ ਵਿੱਤ ਕਮਿਸ਼ਨਰ ਮਾਲ ਨੂੰ ੳਚੇਚੇ ਤੌਰ ‘ਤੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਖ਼ਰਾਬੇ ਦੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ।

ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਏ ਨਵੇਂ ਨਿਯਮਾਂ ਬਾਰੇ ਲੋਕਾਂ ਵਿੱਚ ਜਾਣਕਾਰੀ ਦੀ ਘਾਟ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੂੰ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ‘ਤੇ ਕੈਂਪ ਲਾਉਣ ਦੇ ਨਿਰਦੇਸ਼ ਵੀ ਦਿੱਤੇ।

About The Author

Leave a Reply

Your email address will not be published. Required fields are marked *

error: Content is protected !!